Prime Minister's Housing Scheme-Urban : ਦੇਸ਼ ਭਰ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ (PMAY-U) ਤਹਿਤ 1.15 ਕਰੋੜ ਤੋਂ ਵੱਧ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਲੋਕ ਸਭਾ ਵਿੱਚ ਦੱਸਿਆ ਕਿ ਕੁੱਲ ਮਨਜ਼ੂਰ ਘਰਾਂ ਵਿੱਚੋਂ 94.79 ਲੱਖ ਉਸਾਰੀ ਅਧੀਨ ਹਨ ਅਤੇ 56.20 ਲੱਖ ਯੂਨਿਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਾਂ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ।



ਉਨ੍ਹਾਂ ਕਿਹਾ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਪੇਸ਼ ਕੀਤੇ ਗਏ ਪ੍ਰੋਜੈਕਟ ਪ੍ਰਸਤਾਵਾਂ ਦੇ ਅਧਾਰ 'ਤੇ, ਦੇਸ਼ ਭਰ ਵਿੱਚ 115 ਲੱਖ ਤੋਂ ਵੱਧ ਘਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪੁਰੀ ਨੇ ਕਿਹਾ ਕਿ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਸਲਾਹ ਦਿੱਤੀ ਗਈ ਹੈ। ਤਾਂ ਜੋ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਅਨੁਸਾਰ ਸਾਰੇ ਪ੍ਰਵਾਨਿਤ ਮਕਾਨਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ PMAY-U ਤਹਿਤ ਲਾਭਪਾਤਰੀਆਂ ਦੀ ਪਛਾਣ ਅਤੇ ਚੋਣ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰਾਂ ਦੇ ਦਾਇਰੇ ਵਿੱਚ ਆਉਂਦੀ ਹੈ। ਪੁਰੀ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਪਣੇ ਸਰੋਤਾਂ ਦੇ ਆਧਾਰ 'ਤੇ ਯੋਜਨਾ ਦੇ ਤਹਿਤ ਮਕਾਨਾਂ ਦੀ ਅਨੁਮਾਨਿਤ ਮੰਗ ਅਨੁਸਾਰ ਪੜਾਅਵਾਰ ਤਰੀਕੇ ਨਾਲ ਪ੍ਰੋਜੈਕਟ ਪ੍ਰਸਤਾਵ ਤਿਆਰ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਰਾਜ ਪੱਧਰੀ ਮਨਜ਼ੂਰੀ ਅਤੇ ਨਿਗਰਾਨੀ ਕਮੇਟੀ (SLSMC) ਤੋਂ ਮਨਜ਼ੂਰੀ ਲੈਣੀ ਚਾਹੀਦੀ ਹੈ।

SLSMC ਤੋਂ ਪ੍ਰਵਾਨਗੀ ਤੋਂ ਬਾਅਦ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕੇਂਦਰੀ ਪ੍ਰਵਾਨਗੀ ਅਤੇ ਨਿਗਰਾਨੀ ਦੁਆਰਾ ਕੇਂਦਰੀ ਸਹਾਇਤਾ ਦੀ ਪ੍ਰਵਾਨਗੀ ਲਈ ਮੰਤਰਾਲੇ ਨੂੰ ਪ੍ਰਸਤਾਵ ਪੇਸ਼ ਕਰਨਗੇ। ਪੁਰੀ ਨੇ ਕਿਹਾ ਕਿ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਆਮ ਤੌਰ 'ਤੇ BLC ਵਰਟੀਕਲ ਅਧੀਨ 12-18 ਮਹੀਨੇ ਅਤੇ AHP ਵਰਟੀਕਲ ਤਹਿਤ 24-36 ਮਹੀਨੇ ਲੱਗਦੇ ਹਨ।