Budget 2025: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਸਾਨਾਂ ਨੂੰ ਸਸਤੇ ਕਰਜ਼ਿਆਂ ਦਾ ਤੋਹਫ਼ਾ ਦਿੱਤਾ ਹੈ। ਵਿੱਤ ਮੰਤਰੀ ਨੇ ਕਿਸਾਨ ਕ੍ਰੈਡਿਟ ਕਾਰਡ ਤਹਿਤ ਕਿਸਾਨਾਂ ਲਈ ਕਰਜ਼ੇ ਦੀ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ।
ਨਿਰਮਲਾ ਸੀਤਾਰਮਨ ਨੇ ਕਿਸਾਨ ਕ੍ਰੈਡਿਟ ਕਾਰਡ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਇਸ ਵੇਲੇ 3 ਲੱਖ ਰੁਪਏ ਹੈ। ਬਜਟ ਵਿੱਚ ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਕੇਸੀਸੀ ਅਧੀਨ ਕਿਸਾਨਾਂ ਲਈ ਕਰਜ਼ਾ ਸੀਮਾ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਜਾਵੇਗੀ। ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇਸ ਐਲਾਨ ਨਾਲ ਕਿਸਾਨਾਂ, ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ, ਅਤੇ ਇਸ ਕਾਰਨ ਪੇਂਡੂ ਮੰਗ ਵਿੱਚ ਵੀ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਰਾਹੀਂ ਪਿੰਡਾਂ ਦੀ ਆਰਥਿਕਤਾ ਵਿੱਚ ਵੀ ਸੁਧਾਰ ਦੇਖਣ ਨੂੰ ਮਿਲੇਗਾ।
ਕਿਸਾਨ ਕ੍ਰੈਡਿਟ ਕਾਰਡ ਕੀ ਹੈ?
ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਦੇ ਤਹਿਤ, ਕਿਸਾਨਾਂ ਨੂੰ ਖੇਤੀ ਦੇ ਉਦੇਸ਼ਾਂ ਲਈ ਸਮੇਂ ਸਿਰ ਅਤੇ ਢੁਕਵਾਂ ਕਰਜ਼ਾ ਦਿੱਤਾ ਜਾਂਦਾ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਬਹੁਤ ਸਾਰੇ ਲਾਭ ਮਿਲਦੇ ਹਨ। ਕਿਸਾਨ ਇੱਕੋ ਥਾਂ ਤੋਂ ਵੱਖ-ਵੱਖ ਖੇਤੀਬਾੜੀ ਜ਼ਰੂਰਤਾਂ ਲਈ ਕਰਜ਼ਾ ਪ੍ਰਾਪਤ ਕਰ ਸਕਦੇ ਹਨ ਤੇ ਅਰਜ਼ੀ ਪ੍ਰਕਿਰਿਆ ਵੀ ਕਾਫ਼ੀ ਸਰਲ ਹੈ। ਕਿਸਾਨ ਕ੍ਰੈਡਿਟ ਕਾਰਡ ਰਾਹੀਂ ਕਰਜ਼ਾ ਲੈਣ 'ਤੇ ਵਿਆਜ ਦਰਾਂ ਵਿੱਚ 2% ਦੀ ਛੋਟ ਦੇ ਨਾਲ, ਸਮੇਂ ਤੋਂ ਪਹਿਲਾਂ ਜਾਂ ਸਮੇਂ ਸਿਰ ਕਰਜ਼ਾ ਚੁਕਾਉਣ 'ਤੇ 3% ਜਲਦੀ ਮੁੜ ਅਦਾਇਗੀ ਪ੍ਰੋਤਸਾਹਨ ਵੀ ਦਿੱਤਾ ਜਾਂਦਾ ਹੈ। ਸਰਕਾਰ ਕਿਸਾਨਾਂ ਨੂੰ ਵਿਆਜ 'ਤੇ 2% ਦੀ ਛੋਟ ਦਿੰਦੀ ਹੈ। ਇਸ ਤਰ੍ਹਾਂ, ਕਿਸਾਨਾਂ ਨੂੰ 4% ਸਾਲਾਨਾ ਦੀ ਦਰ 'ਤੇ ਕਰਜ਼ਾ ਦਿੱਤਾ ਜਾਂਦਾ ਹੈ। ਕਿਸਾਨਾਂ ਨੂੰ ਫਸਲ ਬੀਮਾ, ਦੁਰਘਟਨਾ ਬੀਮਾ, ਸਿਹਤ ਬੀਮਾ ਅਤੇ ਜਾਇਦਾਦ ਬੀਮਾ ਦਾ ਕਵਰ ਵੀ ਮਿਲਦਾ ਹੈ।
ਮਖਾਨਾ ਬੋਰਡ ਦਾ ਗਠਨ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਬਿਹਾਰ ਨੂੰ ਇੱਕ ਤੋਹਫ਼ਾ ਦਿੱਤਾ ਹੈ। ਵਿੱਤ ਮੰਤਰੀ ਨੇ ਮਖਾਨਾ ਬੋਰਡ ਦੇ ਗਠਨ ਦਾ ਐਲਾਨ ਕੀਤਾ ਹੈ। ਇਹਨਾਂ ਨੂੰ FPO ਅਧੀਨ ਰੱਖਿਆ ਜਾਵੇਗਾ। ਜਿਸ ਕਾਰਨ ਮਖਾਨੇ ਦੀ ਖੇਤੀ ਵਿੱਚ ਲੱਗੇ ਲੋਕਾਂ ਨੂੰ ਫਾਇਦਾ ਹੋਵੇਗਾ ਤੇ ਲੋਕਾਂ ਨੂੰ ਇਸ ਲਈ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਨਾਲ ਬਿਹਾਰ ਦੇ ਉਨ੍ਹਾਂ ਕਿਸਾਨਾਂ ਨੂੰ ਸਿੱਧਾ ਫਾਇਦਾ ਹੋਵੇਗਾ ਜੋ ਮਖਾਨੇ ਦੀ ਖੇਤੀ ਕਰਦੇ ਹਨ।