PM Kisan Samman Yojana: ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਵਿਚਕਾਰ ਸੰਸਦੀ ਕਮੇਟੀ ਨੇ ਸਰਕਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਰਕਮ ਦੀ ਸੀਮਾ 6000 ਰੁਪਏ ਸਾਲਾਨਾ ਤੋਂ ਵਧਾ ਕੇ 12000 ਰੁਪਏ ਸਾਲਾਨਾ ਕਰਨ ਦਾ ਸੁਝਾਅ ਦਿੱਤਾ ਹੈ। ਖੇਤੀਬਾੜੀ ਮੰਤਰਾਲੇ ਨਾਲ ਜੁੜੀ ਸੰਸਦੀ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਥਾਈ ਕਮੇਟੀ ਨੇ ਆਪਣੀਆਂ ਸਿਫ਼ਾਰਸ਼ਾਂ ਸਰਕਾਰ ਨੂੰ ਸੌਂਪ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਕਿਸਾਨ ਨਿਧੀ ਨੂੰ 12000 ਰੁਪਏ ਤੱਕ ਵਧਾਉਣ ਦੀ ਸਲਾਹ
17 ਦਸੰਬਰ 2024 ਮੰਗਲਵਾਰ ਨੂੰ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਸੰਬੰਧੀ 18ਵੀਂ ਲੋਕ ਸਭਾ ਦੀ ਪਹਿਲੀ ਡਿਮਾਂਡ ਫਾਰ ਗ੍ਰਾਂਟਸ ਦੀ ਮੰਗ ਪੇਸ਼ ਕੀਤੀ। ਇਸ ਰਿਪੋਰਟ ਵਿੱਚ ਖੇਤੀਬਾੜੀ ਭਲਾਈ ਮੰਤਰਾਲੇ ਨਾਲ ਜੁੜੀ ਸੰਸਦ ਦੀ ਸਥਾਈ ਕਮੇਟੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਰਕਮ ਦੀ ਸੀਮਾ ਨੂੰ ਦੁੱਗਣਾ ਕਰਨ ਦੀ ਸਿਫਾਰਸ਼ ਕੀਤੀ ਹੈ। ਰਿਪੋਰਟ ਵਿੱਚ ਕਿਹਾ ਗਿਆ ਕਿ ਕਮੇਟੀ ਸਿਫ਼ਾਰਸ਼ ਕਰਦੀ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਰਕਮ ਦੀ ਸੀਮਾ 6000 ਰੁਪਏ ਤੋਂ ਵਧਾ ਕੇ 12000 ਰੁਪਏ ਸਾਲਾਨਾ ਕੀਤੀ ਜਾਣੀ ਚਾਹੀਦੀ ਹੈ।
ਬਜਟ ਵਿੱਚ ਮਿਲੇਗਾ ਕਿਸਾਨਾਂ ਨੂੰ ਤੋਹਫ਼ਾ!
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਰਕਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਤਹਿਤ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਦੀ ਰਕਮ ਵਧਾਉਣ ਲਈ ਕਿਹਾ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਕਿਸਾਨਾਂ ਦੇ ਨੁਮਾਇੰਦੇ ਵੀ ਪ੍ਰੀ-ਬਜਟ ਮੀਟਿੰਗ ਵਿੱਚ ਵਿੱਤ ਮੰਤਰੀ ਅੱਗੇ ਇਹ ਮੰਗ ਕੀਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ, 2025 ਨੂੰ ਸਾਲ 2025-26 ਲਈ ਬਜਟ ਪੇਸ਼ ਕਰਨਗੇ। ਅਜਿਹੀਆਂ ਅਟਕਲਾਂ ਹਨ ਕਿ ਸੰਸਦੀ ਕਮੇਟੀ ਤੋਂ ਮਿਲੀ ਸਿਫ਼ਾਰਸ਼ ਤੋਂ ਬਾਅਦ ਬਜਟ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਦਿੱਤੀ ਜਾਣ ਵਾਲੀ ਰਕਮ ਦੀ ਲਿਮਿਟ ਵਧਾਉਣ ਦਾ ਐਲਾਨ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਮਿਲੇ 3.45 ਲੱਖ ਕਰੋੜ ਰੁਪਏ
2024 ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਰਕਮ ਵਧਾਈ ਜਾਵੇਗੀ ਪਰ ਅਜਿਹਾ ਨਹੀਂ ਹੋਇਆ। 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ 1 ਫਰਵਰੀ, 2019 ਨੂੰ ਪੇਸ਼ ਕੀਤੇ ਗਏ ਬਜਟ ਵਿੱਚ ਤਤਕਾਲੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਤਿੰਨ ਕਿਸ਼ਤਾਂ ਵਿੱਚ ਸਾਲਾਨਾ 6000 ਰੁਪਏ ਦਿੱਤੇ ਜਾਂਦੇ ਹਨ। ਇਸ ਯੋਜਨਾ ਦੇ ਤਹਿਤ ਡਾਇਰੈਕਟ ਟ੍ਰਾਂਸਫਰ ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਜਾਂਦੇ ਹਨ। ਹੁਣ ਤੱਕ 18 ਕਿਸ਼ਤਾਂ ਵਿੱਚ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 3.45 ਲੱਖ ਕਰੋੜ ਰੁਪਏ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ।