ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਰੀਅਲ ਅਸਟੇਟ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਵੱਡਾ ਫੈਸਲਾ ਲਿਆ ਹੈ। ਮੋਦੀ ਸਰਕਾਰ ਨੇ 25,000 ਕਰੋੜ ਰੁਪਏ ਦੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦਾ ਮਕਸਦ ਦਹਾਕੇ ਤੋਂ ਦੇਸ਼ ਵਿੱਚ ਲੀਹੋਂ ਲੱਥੇ ਰੀਅਲ ਅਸਟੇਟ ਕਾਰੋਬਾਰ ਨੂੰ ਉਭਾਰਣਾ ਹੈ।

ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਨਾਲ 1600 ਰੁਕੇ ਹੋਏ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਿੱਚ ਸਹਾਇਤਾ ਮਿਲੇਗੀ ਤੇ ਦੇਸ਼ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਇਹ ਫੈਸਲਾ ਕੇਂਦਰੀ ਮੰਤਰੀ ਮੰਡਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ।

ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਇਸ ਦੇ ਵਿੱਚ ਸਰਕਾਰ 10,000 ਕਰੋੜ ਰੁਪਏ ਦੇਵੇਗੀ ਤੇ ਸਟੇਟ ਬੈਂਕ ਆਫ ਇੰਡੀਆ ਤੇ ਐਲਆਈਸੀ 15,000 ਕਰੋੜ ਰੁਪਏ ਮੁਹੱਈਆ ਕਰਵਾਉਣਗੇ। ਇਸ ਦੇ ਨਾਲ 1600 ਰੁਕੇ ਹੋਏ ਪ੍ਰਾਜੈਕਟਾਂ ਦੀ ਮੁੜ ਤੋਂ ਸ਼ੁਰੂਆਤ ਹੋ ਸਕੇਗੀ ਤੇ ਇਨ੍ਹਾਂ ਪ੍ਰਾਜੈਕਟਾਂ ਤਹਿਤ 4.58 ਲੱਖ ਘਰ ਤਿਆਰ ਹੋਣੇ ਹਨ। ਇਸ ਸਹਾਇਤਾ ਰਾਸ਼ੀ ਨਾਲ ਲੋਹੇ ਤੇ ਸੀਮਿੰਟ ਦੀ ਮੰਗ ਵਧੇਗੀ ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।