Central Government: ਕੇਂਦਰ ਸਰਕਾਰ ਵੱਲੋਂ ਦੀਵਾਲੀ ਤੋਹਫਾ, ਲੱਖਾਂ ਪੈਨਸ਼ਨਰਾਂ ਨੂੰ ਮਿਲੇਗਾ 53% ਮਹਿੰਗਾਈ ਰਾਹਤ, ਪੈਨਸ਼ਨ ਦੀ ਵਧੀ ਰਾਸ਼ੀ
Diwali Gift from The Central Government: ਕੇਂਦਰ ਸਰਕਾਰ ਨੇ ਦੇਸ਼ ਦੇ ਲੱਖਾਂ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਜਿਸ ਨਾਲ ਆਮ ਜਨਤਾ ਅਤੇ ਕਰਮਚਾਰੀਆਂ ਦੇ ਚਿਹਰਿਆਂ ਉੱਪਰ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।
Diwali Gift from The Central Government: ਕੇਂਦਰ ਸਰਕਾਰ ਨੇ ਦੇਸ਼ ਦੇ ਲੱਖਾਂ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਜਿਸ ਨਾਲ ਆਮ ਜਨਤਾ ਅਤੇ ਕਰਮਚਾਰੀਆਂ ਦੇ ਚਿਹਰਿਆਂ ਉੱਪਰ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਦਰਅਸਲ, ਸਰਕਾਰ ਨੇ ਬੁੱਧਵਾਰ ਨੂੰ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਦੀ ਵਾਧੂ ਕਿਸ਼ਤ ਦੇਣ ਦਾ ਹੁਕਮ ਜਾਰੀ ਕੀਤਾ ਹੈ। ਦੱਸ ਦੇਈਏ ਕਿ 16 ਅਕਤੂਬਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਨਾਲ-ਨਾਲ ਪੈਨਸ਼ਨਰਾਂ ਨੂੰ ਤਿੰਨ ਫੀਸਦੀ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀ ਵਾਧੂ ਕਿਸ਼ਤ ਨੂੰ ਮਨਜ਼ੂਰੀ ਦਿੱਤੀ ਸੀ। ਇਹ ਵਾਧਾ 1 ਜੁਲਾਈ 2024 ਤੋਂ ਕੀਤਾ ਗਿਆ ਹੈ। ਇਸਦੇ ਨਾਲ ਹੀ ਸਰਕਾਰ ਨੇ ਖਾਸ ਆਦੇਸ਼ ਦਿੱਤੇ ਵੀ ਦਿੱਤੇ ਹਨ।
ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਕਰਮਚਾਰੀ ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਪੈਨਸ਼ਨ ਅਤੇ ਪੈਨਸ਼ਨਰਜ਼ ਕਲਿਆਣ ਵਿਭਾਗ ਨੇ 30 ਅਕਤੂਬਰ, 2024 ਨੂੰ ਸਾਰੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਲਈ ਇੱਕ ਆਦੇਸ਼ ਜਾਰੀ ਕੀਤਾ ਹੈ। ਬਿਆਨ ਅਨੁਸਾਰ ਹੁਣ ਕੇਂਦਰ ਸਰਕਾਰ ਦੇ ਪੈਨਸ਼ਨਰ ਜਿਨ੍ਹਾਂ ਵਿੱਚ ਪਰਿਵਾਰਕ ਪੈਨਸ਼ਨਰਾਂ ਵੀ ਸ਼ਾਮਲ ਹਨ, ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਵੱਧ ਰਾਸ਼ੀ ਪ੍ਰਾਪਤ ਕਰਨ ਦੇ ਹੱਕਦਾਰ ਹਨ। ਇਸ ਤਹਿਤ ਉਨ੍ਹਾਂ ਨੂੰ ਆਪਣੀ ਮੁੱਢਲੀ ਪੈਨਸ਼ਨ/ਪਰਿਵਾਰਕ ਪੈਨਸ਼ਨ ਦੇ 50 ਫੀਸਦੀ ਦੀ ਬਜਾਏ 53 ਫੀਸਦੀ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ ਮਿਲੇਗੀ। ਇਹ ਵਾਧਾ 1 ਜੁਲਾਈ ਤੋਂ ਲਾਗੂ ਹੋਵੇਗਾ। ਭਾਵ ਪੈਨਸ਼ਨਰਾਂ ਨੂੰ ਪਿਛਲੇ ਚਾਰ ਮਹੀਨਿਆਂ ਤੋਂ ਵਧੇ ਹੋਏ ਭੱਤੇ ਦੀ ਬਕਾਇਆ ਰਾਸ਼ੀ ਮਿਲੇਗੀ। ਇਸ ਸਮੇਂ ਦੇਸ਼ ਵਿੱਚ ਕੇਂਦਰ ਸਰਕਾਰ ਤੋਂ ਸੇਵਾਮੁਕਤ ਪੈਨਸ਼ਨਰਾਂ ਦੀ ਗਿਣਤੀ 65 ਲੱਖ ਦੇ ਕਰੀਬ ਹੈ। ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ 'ਚ ਵਾਧੇ ਕਾਰਨ ਕੇਂਦਰ ਸਰਕਾਰ 'ਤੇ 9448 ਕਰੋੜ ਰੁਪਏ ਦਾ ਬੋਝ ਵਧੇਗਾ।
53 ਫੀਸਦੀ ਹੋਈ ਮਹਿੰਗਾਈ ਰਾਹਤ
16 ਅਕਤੂਬਰ ਨੂੰ ਕੈਬਨਿਟ ਦੇ ਫੈਸਲੇ ਤੋਂ ਬਾਅਦ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਸਰਕਾਰ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ ਵਾਧਾ ਕੀਤਾ ਹੈ। ਇਹ ਵਾਧਾ 3 ਫੀਸਦੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 50 ਫੀਸਦੀ ਤੋਂ ਵਧ ਕੇ 53 ਫੀਸਦੀ ਹੋ ਗਈ ਹੈ। ਦੇਸ਼ ਦੇ 1.14 ਕਰੋੜ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸ ਦਾ ਫਾਇਦਾ ਹੋਵੇਗਾ। ਹਾਲਾਂਕਿ, ਕੋਵਿਡ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕੇਂਦਰ ਸਰਕਾਰ ਨੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 3 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 4 ਫੀਸਦੀ ਵਾਧਾ ਦਿੱਤਾ ਜਾ ਰਿਹਾ ਸੀ।