ਨਵੀਂ ਦਿੱਲੀ : ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਮਹਿੰਗਾਈ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਨੂੰ ਘੇਰ ਰਹੀਆਂ ਹਨ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਰਾਜ ਸਭਾ 'ਚ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਬੇਮਿਸਾਲ ਦੱਸਿਆ। ਉਨ੍ਹਾਂ ਕਿਹਾ ਕਿ ਈਂਧਨ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧਾ ਇੱਕ ਚੁਣੌਤੀ ਹੈ।

 

ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਤੋਂ ਕਿੰਨੀ ਹੋਈ ਕਮਾਈ ?


ਰਾਜ ਸਭਾ 'ਚ ਵਿੱਤ ਬਿੱਲ 'ਤੇ ਚਰਚਾ ਦਾ ਜਵਾਬ ਦਿੰਦਿਆਂ ਨਿਰਮਲਾ ਸੀਤਾਰਮਨ ਨੇ ਸਦਨ ਨੂੰ ਦੱਸਿਆ ਕਿ 2010-11 ਤੋਂ 2021-22 ਤੱਕ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਸੈੱਸ ਰਾਹੀਂ 11.32 ਲੱਖ ਕਰੋੜ ਰੁਪਏ ਜੁਟਾਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਸਰਕਾਰ ਨੇ 11.37 ਲੱਖ ਕਰੋੜ ਰੁਪਏ ਖਰਚ ਕੀਤੇ ਹਨ।

 

ਦਿੱਲੀ 'ਚ ਪੈਟਰੋਲ ਫਿਰ 100 ਤੋਂ ਪਾਰ

 

ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਪੈਟਰੋਲ ਦੀ ਕੀਮਤ 99.41 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 100.21 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ ਅੱਜ 90.77 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 91.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਅੱਜ ਪੈਟਰੋਲ 80 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। 

 

 ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ, ਪਰ ਸਥਾਨਕ ਟੈਕਸਾਂ ਦੇ ਆਧਾਰ 'ਤੇ ਇਨ੍ਹਾਂ ਦੀਆਂ ਕੀਮਤਾਂ ਵੱਖ-ਵੱਖ ਸੂਬਿਆਂ 'ਚ ਹੁੰਦੀਆਂ ਹਨ। ਮੁੰਬਈ, ਚੇਨਈ ਅਤੇ ਕੋਲਕਾਤਾ 'ਚ ਪੈਟਰੋਲ ਦੀ ਕੀਮਤ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਚੁੱਕੀ ਹੈ। ਜ਼ਿਆਦਾਤਰ ਸੂਬਿਆਂ ਦੀਆਂ ਰਾਜਧਾਨੀਆਂ 'ਚ ਪੈਟਰੋਲ ਨੇ 'ਸਦੀ' ਦਾ ਅੰਕੜਾ ਪਾਰ ਕਰ ਲਿਆ ਹੈ। 


 

ਧਿਆਨ ਯੋਗ ਹੈ ਕਿ ਦਿੱਲੀ ਵਿੱਚ ਪੈਟਰੋਲ ਦੀ ਕੀਮਤ 7 ਜੁਲਾਈ 2021 ਨੂੰ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਸੀ ਅਤੇ ਇੱਕ ਸਮੇਂ 110.04 ਰੁਪਏ ਤੱਕ ਪਹੁੰਚ ਗਈ ਸੀ। ਫਿਰ 4 ਨਵੰਬਰ ਨੂੰ ਕੇਂਦਰ ਸਰਕਾਰ ਨੇ ਵਾਹਨਾਂ ਦੇ ਈਂਧਨ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ 137 ਦਿਨਾਂ ਤੱਕ ਸਥਿਰ ਰਹਿਣ ਤੋਂ ਬਾਅਦ 22 ਮਾਰਚ ਨੂੰ ਵਧਾਈਆਂ ਗਈਆਂ ਸਨ। ਇਸ ਤੋਂ ਬਾਅਦ ਸੱਤਵੀਂ ਵਾਰ ਕੀਮਤਾਂ ਵਧਾਈਆਂ ਗਈਆਂ ਹਨ। 

 

ਦੇਸ਼ ਵਿੱਚ ਸਭ ਤੋਂ ਵੱਧ ਈਂਧਨ ਦੀ ਕੀਮਤ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਵਿੱਚ ਹੈ। ਇਸ ਸਰਹੱਦੀ ਜ਼ਿਲ੍ਹੇ ਵਿੱਚ ਪੈਟਰੋਲ ਦੀ ਕੀਮਤ 117.14 ਰੁਪਏ ਪ੍ਰਤੀ ਲੀਟਰ ਜਦੋਂ ਕਿ ਡੀਜ਼ਲ ਦੀ ਕੀਮਤ 99.96 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਸਥਾਨਕ ਟੈਕਸਾਂ ਤੋਂ ਇਲਾਵਾ, ਈਂਧਨ ਦੀ ਕੀਮਤ ਭਾੜੇ ਦੀ ਲਾਗਤ ਨਾਲ ਵੀ ਪ੍ਰਭਾਵਿਤ ਹੁੰਦੀ ਹੈ। ਮੰਗਲਵਾਰ ਨੂੰ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ ਦੇ ਨੇੜੇ ਸੀ।