ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਹਰ ਕੋਈ ਪ੍ਰੇਸ਼ਾਨ ਹੈ ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਵੀ ਸਰਕਾਰ 'ਤੇ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਦਰਮਿਆਨ ਰਿਜ਼ਰਵ ਬੈਂਕ ਆਫ ਇੰਡੀਆ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਘਟਾਉਣ ਲਈ ਕੇਂਦਰ ਤੇ ਰਾਜ ਸਰਕਾਰਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਕਿਉਂਕਿ ਦੋਵੇਂ ਪੈਟਰੋਲ ਤੇ ਡੀਜ਼ਲ 'ਤੇ ਅਸਿੱਧੇ ਟੈਕਸ ਲਾਉਂਦੇ ਹਨ।


 


ਗਵਰਨਰ ਸ਼ਕਤੀਕਾਂਤ ਦਾਸ ਨੇ ਵੀਰਵਾਰ ਨੂੰ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀ ਕੀਮਤ ਦਾ ਲਾਗਤ 'ਤੇ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਫਿਊਲ ਦੀਆਂ ਕੀਮਤਾਂ ਵਿੱਚ ਵਾਧਾ ਕਈ ਗਤੀਵਿਧੀਆਂ ਦੀ ਲਾਗਤ ਵਿੱਚ ਵਾਧਾ ਕਰਦਾ ਹੈ। ਇਹ ਸਿਰਫ ਕਾਰ ਜਾਂ ਸਾਈਕਲ ਦੀ ਵਰਤੋਂ ਕਰਨ ਵਾਲੇ ਲੋਕਾਂ ਬਾਰੇ ਨਹੀਂ ਹੈ।



ਉਨ੍ਹਾਂ ਕਿਹਾ ਕਿ ਤੇਲ ਦੀਆਂ ਉੱਚ ਕੀਮਤਾਂ ਦਾ ਉਤਪਾਦਨ, ਆਵਾਜਾਈ ਤੇ ਹੋਰ ਪਹਿਲੂਆਂ 'ਤੇ ਅਸਰ ਪੈਂਦਾ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਰਾਜਾਂ ਤੇ ਕੇਂਦਰ 'ਤੇ ਵਧੇਰੇ ਮਾਲੀਆ ਇਕੱਠਾ ਕਰਨ ਲਈ ਵੱਖਰਾ ਦਬਾਅ ਹੈ ਕਿਉਂਕਿ ਦੇਸ਼ ਅਤੇ ਲੋਕਾਂ ਨੂੰ ਕੋਵਿਡ ਸੰਕਟ ਤੋਂ ਬਾਹਰ ਲਿਆਉਣ ਲਈ ਵਧੇਰੇ ਪੈਸੇ ਦੀ ਜ਼ਰੂਰਤ ਹੈ।