ਪੰਜਾਬ ਦੇ ਕਿਸਾਨਾਂ ਲਈ ਅਹਿਮ ਖਬਰ, CM ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Big Announcement : ਟਵਿੱਟਰ 'ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲ਼ੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ…
ਹੁਣ ਸੂਬਾ ਸਰਕਾਰ ਦੇ ਸਹਿਕਾਰੀ ਬੈਂਕ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 80 ਫੀਸਦੀ ਦਰ 'ਤੇ ਕਰਜ਼ਾ ਦੇਣਗੇ। ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਣਗੇ।
ਟਵਿੱਟਰ 'ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲ਼ੀ ਸਾੜਨ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਡੀ ਸਰਕਾਰ ਵਚਨਬੱਧ ਹੈ…ਪਰਾਲ਼ੀ ਦੇ ਨਿਬੇੜੇ ਲਈ ਕਿਸਾਨਾਂ ਨੂੰ 50 ਤੋਂ 80 ਫੀਸਦੀ ਤੱਕ ਸਬਸਿਡੀ 'ਤੇ ਮਸ਼ੀਨਰੀ ਦੇਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ 'ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ' ਸ਼ੁਰੂ ਕੀਤੀ ਗਈ ਹੈ… ਸਾਰੇ ਕਿਸਾਨ ਵੀਰਾਂ ਨੂੰ ਬੇਨਤੀ ਹੈ ਕਿ ਇਸ ਲਾਹੇਵੰਦ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ...
ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ ‘ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ ‘ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।