RBI MPC Repo Rate: - RBI ਨੇ ਲਗਾਤਾਰ ਚੌਥੀ ਵਾਰ ਵਿਆਜ਼ ਦਰਾਂ ਨੂੰ 6.5% 'ਤੇ ਬਰਕਰਾਰ ਰੱਖਿਆ ਹੈ। ਜਿਸ ਨਾਲ ਆਮ ਜਨਤਾ ਨੂੰ ਵੀ ਰਾਹਤ ਮਿਲੀ ਹੈ। ਵਿਆਜ਼ ਦਰਾਂ 'ਚ ਤਬਦੀਲੀ ਨਾ ਕਰਨ ਦਾ ਮਤਲਬ ਹੈ ਕਿ ਤੁਹਾਡੀ EMI ਨਹੀਂ ਵਧੇਗੀ। RBI ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਸ਼ੁੱਕਰਵਾਰ ਨੂੰ ਮੁਦਰਾ ਨੀਤੀ ਕਮੇਟੀ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ। ਮੁਦਰਾ ਨੀਤੀ ਕਮੇਟੀ ਦੀ ਮੀਟਿੰਗ 4 ਅਕਤੂਬਰ ਨੂੰ ਸ਼ੁਰੂ ਹੋਈ ਸੀ।


RBI ਨੇ ਪਿਛਲੀ ਵਾਰ ਫਰਵਰੀ 2023 ਵਿੱਚ ਰੈਪੋ ਦਰ ਨੂੰ 6.5% ਤੱਕ ਵਧਾ ਦਿੱਤਾ ਸੀ। ਉਦੋਂ ਤੋਂ ਇਸ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁਦਰਾ ਨੀਤੀ ਦੀ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਇਸ ਵਿੱਤੀ ਸਾਲ ਦੀ ਪਹਿਲੀ ਬੈਠਕ ਅਪ੍ਰੈਲ 'ਚ ਹੋਈ ਸੀ। ਜਦੋਂ ਕਿ ਪਿਛਲੇ ਵਿੱਤੀ ਸਾਲ ਵਿੱਚ ਰੇਪੋ ਦਰ ਵਿੱਚ 6 ਵਾਰ 2.50% ਦਾ ਵਾਧਾ ਕੀਤਾ ਗਿਆ ਸੀ।


ਆਰਬੀਆਈ ਕੋਲ ਰੇਪੋ ਦਰ ਦੇ ਰੂਪ ਵਿੱਚ ਮਹਿੰਗਾਈ ਨਾਲ ਲੜਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਹੈ। ਜਦੋਂ ਮਹਿੰਗਾਈ ਬਹੁਤ ਜ਼ਿਆਦਾ ਹੁੰਦੀ ਹੈ, ਤਾਂ RBI ਰੇਪੋ ਦਰ ਨੂੰ ਵਧਾ ਕੇ ਆਰਥਿਕਤਾ ਵਿੱਚ ਮਨੀ ਫਲੋਅ ਨੂੰ ਘਟਾਉਣ ਦੀ ਕੋਸ਼ਿਸ਼ ਕਰਦਾ ਹੈ। ਜੇਕਰ ਰੇਪੋ ਰੇਟ ਜ਼ਿਆਦਾ ਹੁੰਦਾ ਹੈ ਤਾਂ ਬੈਂਕਾਂ ਨੂੰ ਆਰਬੀਆਈ ਤੋਂ ਮਿਲਣ ਵਾਲਾ ਲੋਨ ਮਹਿੰਗਾ ਹੋ ਜਾਵੇਗਾ। ਬਦਲੇ ਵਿੱਚ, ਬੈਂਕ ਆਪਣੇ ਗਾਹਕਾਂ ਲਈ ਕਰਜ਼ੇ ਨੂੰ ਮਹਿੰਗਾ ਕਰ ਦਿੰਦੇ ਹਨ। ਇਹ ਅਰਥਵਿਵਸਥਾ ਵਿੱਚ ਪੈਸੇ ਦੇ ਪ੍ਰਵਾਹ ਨੂੰ ਘਟਾਉਂਦਾ ਹੈ। ਜੇਕਰ ਪੈਸੇ ਦਾ ਪ੍ਰਵਾਹ ਘੱਟ ਜਾਂਦਾ ਹੈ, ਤਾਂ ਮੰਗ ਘਟਦੀ ਹੈ ਅਤੇ ਮਹਿੰਗਾਈ ਘਟਦੀ ਹੈ।


ਇਸੇ ਤਰ੍ਹਾਂ, ਜਦੋਂ ਆਰਥਿਕਤਾ ਮਾੜੇ ਦੌਰ ਵਿੱਚੋਂ ਲੰਘਦੀ ਹੈ, ਤਾਂ ਰਿਕਵਰੀ ਲਈ ਪੈਸੇ ਦੇ ਪ੍ਰਵਾਹ ਨੂੰ ਵਧਾਉਣ ਦੀ ਲੋੜ ਹੁੰਦੀ ਹੈ। ਅਜਿਹੇ 'ਚ ਆਰਬੀਆਈ ਨੇ ਰੈਪੋ ਰੇਟ 'ਚ ਕਟੌਤੀ ਕੀਤੀ ਹੈ। ਇਸ ਕਾਰਨ ਬੈਂਕਾਂ ਲਈ ਆਰਬੀਆਈ ਤੋਂ ਲੋਨ ਸਸਤਾ ਹੋ ਜਾਂਦਾ ਹੈ ਅਤੇ ਗਾਹਕਾਂ ਨੂੰ ਵੀ ਸਸਤੀ ਦਰ 'ਤੇ ਕਰਜ਼ਾ ਮਿਲਦਾ ਹੈ।


ਅਗਸਤ ਮਹੀਨੇ 'ਚ ਪ੍ਰਚੂਨ ਮਹਿੰਗਾਈ ਦਰ 'ਚ ਗਿਰਾਵਟ ਦਰਜ ਕੀਤੀ ਗਈ ਸੀ। ਇਹ ਘਟ ਕੇ 6.83 ਫੀਸਦੀ 'ਤੇ ਆ ਗਿਆ ਸੀ। ਇਸ ਤੋਂ ਪਹਿਲਾਂ ਜੁਲਾਈ 'ਚ ਇਹ 7.44 ਫੀਸਦੀ ਸੀ। ਮਹਿੰਗਾਈ ਵਿੱਚ ਇਹ ਗਿਰਾਵਟ ਸਬਜ਼ੀਆਂ ਦੀਆਂ ਕੀਮਤਾਂ ਘੱਟ ਹੋਣ ਕਾਰਨ ਆਈ ਹੈ। ਹਾਲਾਂਕਿ, ਮਹਿੰਗਾਈ ਦਰ ਅਜੇ ਵੀ ਆਰਬੀਆਈ ਦੀ 6% ਦੀ ਉਪਰਲੀ ਸਹਿਣਸ਼ੀਲਤਾ ਸੀਮਾ ਤੋਂ ਬਾਹਰ ਹੈ।