ਨਵੀਂ ਦਿੱਲੀ : ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਬੇਕਾਬੂ ਹੁੰਦੀਆਂ ਜਾ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਅੱਜ ਇੱਕ ਵਾਰ ਫਿਰ ਮਹਿੰਗਾ ਹੋ ਗਿਆ ਹੈ। ਦੇਸ਼ ਦੀਆਂ ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ 2 ਅਪ੍ਰੈਲ ਨੂੰ ਤੇਲ ਦੀਆਂ ਕੀਮਤਾਂ 'ਚ ਫਿਰ ਵਾਧਾ ਕੀਤਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 80 ਪੈਸੇ ਅਤੇ ਮੁੰਬਈ ਵਿੱਚ 85 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੇਂ ਵਾਧੇ ਤੋਂ ਬਾਅਦ ਦਿੱਲੀ 'ਚ ਇੱਕ ਲੀਟਰ ਪੈਟਰੋਲ ਦੀ ਕੀਮਤ 102.61 ਰੁਪਏ ਅਤੇ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਮੁੰਬਈ 'ਚ ਪੈਟਰੋਲ 117.57 ਰੁਪਏ ਅਤੇ ਡੀਜ਼ਲ 101.79 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਚੇਨਈ ਅਤੇ ਕੋਲਕਾਤਾ ਵਿੱਚ ਵੀ ਵਧੀਆਂ ਤੇਲ ਦੀਆਂ ਕੀਮਤਾਂ
ਦਿੱਲੀ ਅਤੇ ਮੁੰਬਈ ਤੋਂ ਇਲਾਵਾ ਚੇਨਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 76 ਪੈਸੇ, ਕੋਲਕਾਤਾ 'ਚ 84 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਦਾ ਵਾਧਾ ਹੋਇਆ ਹੈ। ਅੱਜ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਚੇਨਈ ਵਿੱਚ ਪੈਟਰੋਲ ਦੀ ਕੀਮਤ 108.21 ਰੁਪਏ ਪ੍ਰਤੀ ਲੀਟਰ ਅਤੇ ਕੋਲਕਾਤਾ ਵਿੱਚ 112.19 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ 'ਚ ਅੱਜ ਡੀਜ਼ਲ ਦੀ ਕੀਮਤ 97.02 ਰੁਪਏ ਪ੍ਰਤੀ ਲੀਟਰ ਹੈ। ਜੇਕਰ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇਖਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਲਿੰਕ 'ਤੇ ਕਲਿੱਕ ਕਰਕੇ ਦੇਖ ਸਕਦੇ ਹੋ।
12 ਦਿਨਾਂ ਵਿੱਚ 10 ਵਾਰ ਵਧੀਆਂ ਤੇਲ ਦੀਆਂ ਕੀਮਤਾਂ
ਦੱਸ ਦੇਈਏ ਕਿ ਦੇਸ਼ ਭਰ ਵਿੱਚ 4 ਨਵੰਬਰ 2021 ਤੋਂ ਤੇਲ ਦੀਆਂ ਕੀਮਤਾਂ ਸਥਿਰ ਸਨ ਪਰ ਉੱਤਰ ਪ੍ਰਦੇਸ਼, ਉੱਤਰਾਖੰਡ ਸਮੇਤ 5 ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ 22 ਮਾਰਚ ਤੋਂ ਤੇਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਸਨ। 22 ਮਾਰਚ ਤੋਂ 2 ਅਪ੍ਰੈਲ ਤੱਕ 12 ਦਿਨਾਂ 'ਚ ਤੇਲ ਦੀਆਂ ਕੀਮਤਾਂ 'ਚ 10 ਵਾਰ ਵਾਧਾ ਕੀਤਾ ਗਿਆ ਹੈ।ਕੱਲ੍ਹ ਯਾਨੀ 1 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਜਧਾਨੀ ਦਿੱਲੀ ਵਿੱਚ ਪਿਛਲੇ 12 ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ 7.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। 21 ਮਾਰਚ ਤੱਕ ਦਿੱਲੀ 'ਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਸੀ, ਜੋ ਅੱਜ 102.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ।