Protest against Petrol and Diesel price: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਦਿੱਲੀ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਕਾਂਗਰਸ ਅੱਜ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨ ਲਈ ਉੱਤਰੀ ਹੈ। ਇਸ ਧਰਨੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਸ਼ਾਮਲ ਹੋਏ ਹਨ।
ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਵੱਲੋਂ ਵਿਜੇ ਚੌਕ ਨੇੜੇ ਸੰਸਦ ਦੇ ਸਾਹਮਣੇ ਦੇਸ਼ ਵਿਆਪੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਹੁਲ ਗਾਂਧੀ ਸਮੇਤ ਕਈ ਦਿੱਗਜ ਨੇਤਾ ਸ਼ਾਮਲ ਹਨ। ਸੂਤਰਾਂ ਮੁਤਾਬਕ ਕਾਂਗਰਸੀ ਸੰਸਦ ਮੈਂਬਰ ਵਿਜੇ ਚੌਕ ਦੇ ਮੀਡੀਆ ਲਾਅਨ 'ਚ ਕਰੀਬ ਇੱਕ ਘੰਟੇ ਤੱਕ ਧਰਨੇ 'ਤੇ ਬੈਠਣਗੇ, ਜਦਕਿ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਸਮੇਤ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਸਾਡੇ ਇੱਥੇ ਕਾਂਗਰਸ ਦੇ ਸੰਸਦ ਮੈਂਬਰ ਤੇ ਹਰ ਰਾਜ ਵਿੱਚ ਸਾਡੇ ਨੇਤਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਵਿਰੋਧ ਕਰ ਰਹੇ ਹਨ। ਸਾਡੀ ਮੰਗ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੂੰ ਰੋਕਿਆ ਜਾਵੇ। ਇਸ ਦਾ ਅਸਰ ਗਰੀਬਾਂ 'ਤੇ ਪੈ ਰਿਹਾ ਹੈ। ਗੈਸ ਸਿਲੰਡਰ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ, ਇਤਿਹਾਸ ਵਿੱਚ ਅਜਿਹਾ ਕਦੇ ਨਹੀਂ ਹੋਇਆ। ਸਰਕਾਰ ਦਾ ਸਪੱਸ਼ਟ ਏਜੰਡਾ ਹੈ ਕਿ ਗਰੀਬਾਂ ਤੋਂ ਪੈਸਾ ਕੱਢ ਕੇ ਦੋ-ਤਿੰਨ ਅਰਬਪਤੀਆਂ ਨੂੰ ਦਿੱਤਾ ਜਾਵੇ। ਰਾਹੁਲ ਨੇ ਅੱਗੇ ਕਿਹਾ ਕਿ ਚੋਣਾਂ ਦੇ ਸਮੇਂ ਵੀ ਅਸੀਂ ਲੋਕਾਂ ਨੂੰ ਕਿਹਾ ਸੀ ਕਿ ਹੁਣੇ ਪੈਟਰੋਲ ਲੈ ਲਵੋ, ਚੋਣਾਂ ਤੋਂ ਬਾਅਦ ਸਰਕਾਰ ਰੇਟ ਵਧਾਏਗੀ।
ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ, ''ਅਸੀਂ ਭਵਿੱਖਬਾਣੀ ਕੀਤੀ ਸੀ ਕਿ ਜਿਵੇਂ ਹੀ 5 ਸੂਬਿਆਂ 'ਚ ਚੋਣਾਂ ਖਤਮ ਹੋਣਗੀਆਂ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਜਾਣਗੀਆਂ। ਅਸੀਂ ਮੰਗ ਕਰਦੇ ਹਾਂ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਇਆ ਜਾਵੇ। ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਜਨਤਾ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸਰਕਾਰ ਸਮਝਣ ਤੋਂ ਅਸਮਰੱਥ ਹੈ।