ਧਾਂਦਰਾ : ਲੁਧਿਆਣਾ ਦੇ ਧਾਂਦਰਾ ਇਲਾਕੇ ਵਿਚ ਸ਼ੱਕੀ ਹਲਾਤਾਂ ਵਿਚ ਇਕ 25 ਸਾਲਾ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਮ੍ਰਿਤਕ ਦੇ ਹੱਥ 'ਤੇ ਇਕ ਸਰਿੰਜ ਲੱਗੀ ਹੋਈ ਸੀ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੀ ਮਾਂ ਉਮਾ ਰਾਣੀ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਬੇਟਾ ਆਟੋ ਚਲਾਉਂਦਾ ਸੀ ਅਤੇ ਬੀਤੀ ਰਾਤ ਘਰ ਨਹੀਂ ਆਇਆ ਤਾਂ ਸਵੇਰੇ ਉਨ੍ਹਾਂ ਨੇ ਉਸਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਕਿਸ ਨੇ ਉਸ ਦੀ ਲਾਸ਼ ਮਿਲਣ ਬਾਰੇ ਦੱਸਿਆ। ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਹੈ। ਉਮਾ ਰਾਣੀ ਨੇ ਦੱਸਿਆ ਕਿ ਉਸ ਦਾ ਪਤੀ ਬੀਮਾਰ ਰਹਿੰਦਾ ਹੈ। ਜਦਕਿ ਇਹ ਇੱਕੋ ਮੁੰਡਾ ਸੀ, ਉਨ੍ਹਾਂ ਦੀਆਂ ਦੋ ਬੇਟੀਆਂ ਵੀ ਹਨ। ਉਨ੍ਹਾਂ ਨੇ ਸਰਕਾਰ ਤੋਂ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ ਹੈ।
ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜੁਆਇੰਟ ਕਮਿਸ਼ਨਰ ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਦੇ ਆਧਾਰ 'ਤੇ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਚੱਲ ਸਕੇਗਾ। ਹਾਲਾਂਕਿ ਮ੍ਰਿਤ ਦੀ ਬਾਂਹ ਦੇ ਉੱਪਰ ਸਰਿੰਜ ਲੱਗੀ ਹੋਈ ਸੀ।
ਓਧਰ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੀ ਪੂਰੀ ਤਿਆਰੀ 'ਚ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨਾਲ ਵੀਰਵਾਰ ਨੂੰ ਬੈਠਕ ਹੋਈ ਹੈ। ਬੈਠਕ ਦੌਰਾਨ ਮੁੱਖ ਮੰਤਰੀ ਵੱਲੋਂ ਸਾਰੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਾ ਜਾਵੇ। ਭਗਵੰਤ ਮਾਨ ਨੇ ਕਿਹਾ ਨਸ਼ਾਂ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਨਸ਼ਿਆਂ ਦੇ ਖ਼ਿਲਾਫ਼ ਵੱਡੀ ਜੰਗ ਛੇੜ ਰਹੇ ਹਾਂ। ਉਨ੍ਹਾਂ ਕਿਹਾ ਕਿ ਨਸ਼ੇ ਦੇ ਵਪਾਰ 'ਤੇ ਫੁੱਲ ਸਟਾਪ ਲੱਗਣ ਤੱਕ ਨਹੀਂ ਰੁਕਾਂਗੇ।