ਜਲੰਧਰ : ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਹੁਣ ਜਲੰਧਰ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਨੇ ਮੰਗਲਵਾਰ ਰਾਤ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਖੁਦਕੁਸ਼ੀ ਦੇ ਪਿੱਛੇ ਕਈ ਕਾਰਨਾਂ ਬਾਰੇ ਲਿਖਿਆ ਹੈ।
ਖ਼ਬਰਾਂ ਮੁਤਾਬਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਵਾਰਸਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਐਸਡੀਐਮ ਫਗਵਾੜਾ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਉਨ੍ਹਾਂ ਨੇ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ਨਾ ਫੈਲਾਉਣ ਅਤੇ ਨਾ ਹੀ ਇਸ 'ਤੇ ਵਿਸ਼ਵਾਸ ਕਰਨ।
ਇਸ ਦੇ ਨਾਲ ਹੀ ਕਪੂਰਥਲਾ ਪੁਲਿਸ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮੰਗਲਵਾਰ ਸ਼ਾਮ 5:30 ਵਜੇ ਐਲਪੀਯੂ ਦੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਜਿਸ ਤੋਂ ਬਾਅਦ ਸਾਡੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਸੁਸਾਈਡ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।