Lucknow News : ਲਖਨਊ ਦੇ ਹਜ਼ਰਤਗੰਜ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਵੱਡਾ ਹਾਦਸਾ ਵਾਰਿਆ ਹੈ। ਇਥੇ ਹਜ਼ਰਤਗੰਜ 'ਚ ਇਕ ਘਰ ਦੀ ਕੰਧ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਸੀਐੱਮ ਯੋਗੀ ਆਦਿਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਡੀਐਮ ਨੇ ਮੌਕੇ ’ਤੇ ਜਾ ਕੇ ਲਿਆ ਜਾਇਜ਼ਾ
ਜ਼ਿਲ੍ਹਾ ਮੈਜਿਸਟਰੇਟ ਸੂਰਿਆ ਪਾਲ ਗੰਗਵਾਰ ਛਾਉਣੀ ਦੇ ਦਿਲਕੁਸ਼ਾ ਪਹੁੰਚੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਉਸਾਰੀ ਅਧੀਨ ਕੰਧ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਿਆ ਹੈ । ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਰਾਹਤ ਕਾਰਜਾਂ ਤਹਿਤ ਮੁੱਖ ਮੰਤਰੀ ਵੱਲੋਂ 4-4 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਸੂਬੇ 'ਚ ਮੀਂਹ ਦਾ ਕਹਿਰ ਜਾਰੀ
ਸੂਬੇ ਵਿੱਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਥਾਂ-ਥਾਂ ਪਾਣੀ ਭਰ ਗਿਆ ਹੈ। ਇਸ ਦੇ ਮੱਦੇਨਜ਼ਰ ਲਖਨਊ ਅਤੇ ਝਾਂਸੀ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਰ ਰਾਤ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਜਾਂ ਪ੍ਰਾਈਵੇਟ ਸਕੂਲਾਂ ਵਿੱਚ 12ਵੀਂ ਜਮਾਤ ਤੱਕ ਛੁੱਟੀਆਂ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਲਖਨਊ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਹੁਕਮ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਕੂਲਾਂ ਲਈ ਹੈ। ਸਾਰੇ ਸਕੂਲ ਪ੍ਰਬੰਧਕਾਂ ਨੂੰ ਆਦੇਸ਼ ਭੇਜ ਦਿੱਤੇ ਗਏ ਹਨ ਤਾਂ ਜੋ ਉਹ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਮੇਂ ਸਿਰ ਸੂਚਿਤ ਕਰ ਸਕਣ।
ਗੋਰਖਪੁਰ ਡਿਵੀਜ਼ਨ ਵਿੱਚ ਵੀ ਮੀਂਹ ਨੇ ਮਚਾਈ ਤਬਾਹੀ
ਪਿਛਲੇ 24 ਘੰਟਿਆਂ ਵਿੱਚ ਗੋਰਖਪੁਰ ਡਿਵੀਜ਼ਨ ਦੇ ਗੋਰਖਪੁਰ ਜ਼ਿਲ੍ਹੇ ਵਿੱਚ 158 ਮਿਲੀਮੀਟਰ, ਦੇਵਰੀਆ ਜ਼ਿਲ੍ਹੇ ਵਿੱਚ 107.5 ਮਿਲੀਮੀਟਰ, ਮਹਾਰਾਜਗੰਜ ਵਿੱਚ 90, ਬਸਤੀ ਵਿੱਚ 83.8, ਸਿਧਾਰਥਨਗਰ ਜ਼ਿਲ੍ਹੇ ਵਿੱਚ 70.2, ਸੰਤ ਕਬੀਰਨਗਰ ਜ਼ਿਲ੍ਹੇ ਵਿੱਚ 52 ਅਤੇ ਕੁਸ਼ੀਨਗਰ ਜ਼ਿਲ੍ਹੇ ਵਿੱਚ 27.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਗੋਰਖਪੁਰ 'ਚ ਬੁੱਧਵਾਰ ਅੱਧੀ ਰਾਤ ਤੋਂ ਵੀਰਵਾਰ ਸ਼ਾਮ 6 ਵਜੇ ਤੱਕ ਇੰਨੀ ਜ਼ਿਆਦਾ ਬਾਰਿਸ਼ ਹੋਈ ਕਿ ਪਿਛਲੇ 10 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਇਸ ਦੌਰਾਨ 158 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 18 ਸਤੰਬਰ 2012 ਨੂੰ 24 ਘੰਟਿਆਂ ਵਿੱਚ 155.7 ਮਿਲੀਮੀਟਰ ਮੀਂਹ ਪਿਆ ਸੀ।