Amritsar News: ਅੰਮ੍ਰਿਤਸਰ ਪੁਲਿਸ ਨੇ ਦਿਨ-ਦਿਹਾੜੇ ਬੈਂਕ ਲੁੱਟਣ ਵਾਲੇ ਕਾਬੂ ਕਰ ਲਏ ਹਨ। ਪੁਲਿਸ ਨੇ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਕਰੀਬ 23 ਲੱਖ ਰੁਪਏ ਲੁੱਟਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਸਰ ਦਿਹਾਤੀ ਕੱਥੂਨੰਗਲ ਤੇ ਇੱਕ ਅੰਮ੍ਰਿਤਸਰ ਦੇ ਮਜੀਠਾ ਰੋਡ ਕਲੋਨੀ ਰਿਸ਼ੀ ਵਿਹਾਰ ਦਾ ਰਹਿਣ ਵਾਲਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਇਸ ਬਾਰੇ ਕੁਝ ਹੀ ਸਮੇਂ ਵਿੱਚ ਪ੍ਰੈੱਸ ਕਾਨਫਰੰਸ ਕਰਨਗੇ।
ਦੱਸ ਦਈਏ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਰਾਣੀ ਕਾ ਬਾਗ਼ ਇਲਾਕੇ ਵਿੱਚ ਦਿਨ ਦਿਹਾੜੇ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਕਰੀਬ 23 ਲੱਖ ਰੁਪਏ ਲੁੱਟੇ ਗਏ ਸੀ। ਅੰਮ੍ਰਿਤਸਰ ਪੁਲਿਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਕੀ ਸੀ ਪੂਰਾ ਮਾਮਲਾ
ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਇਹ ਸਾਰੀ ਵਾਰਦਾਤ CCTV ਕੈਮਰਿਆਂ ਵਿੱਚ ਕੈਦ ਹੋ ਗਈ ਸੀ। ਲੁਟੇਰਿਆਂ ਨੇ 22.50 ਲੱਖ ਦੀ ਲੁੱਟ ਕੀਤੀ ਸੀ ਤੇ ਜਿਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ ਸੀ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਪੰਜਾਬ ਨੈਸ਼ਨਲ ਬੈਂਕ 'ਚ 12 ਵਜੇ ਦੇ ਕਰੀਬ ਦੋ ਵਿਅਕਤੀ ਆਉਂਦੇ ਹਨ। ਇੱਕ ਵਿਅਕਤੀ ਬੈਂਕ ਦੇ ਬਾਹਰ ਖੜਾ ਰਹਿੰਦਾ ਹੈ ਅਤੇ ਦੂਜਾ ਵਿਅਕਤੀ ਬੈਂਕ ਦੇ ਅੰਦਰ ਆਉਂਦਾ ਹੈ। ਜਿਸ ਵੱਲੋਂ ਪਿਸਤੌਲ ਦੀ ਨੋਕ 'ਤੇ ਕੈਸ਼ੀਅਰ ਕੋਲੋ ਪੈਸੇ ਦੀ ਲੁੱਟ ਕਰ ਲਈ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।