ਗੁਰਦਾਸਪੁਰ: ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਤਿੰਨ ਮੁਲਜ਼ਮ ਕੁਝ ਦਿਨ ਪਹਿਲਾਂ ਪੁਲਿਸ ਕਸਟਡੀ ਵਿੱਚੋਂ ਫਰਾਰ ਹੋ ਗਏ ਸੀ ਜਿਸ ਮਗਰੋਂ ਡਿਊਟੀ ਦੌਰਾਨ ਕੋਤਾਹੀ ਵਰਤਣ ਦੇ ਇਲਜ਼ਾਮ ਹੇਠ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਗੁਰਦਾਸਪੁਰ ਦੇ ਐਸਐਸਪੀ ਡਾ. ਨਾਨਕ ਸਿੰਘ  ਨੇ ਦੱਸਿਆ ਕਿ 1 ਅਪ੍ਰੈਲ ਨੂੰ ਰਵੀ ਮੱਟੂ, ਸੁਨੀਲ ਮੱਟੂ  (ਦੋਵੇਂ ਭਰਾ) ਤੇ ਮਨਦੀਪ ਸਿੰਘ ਨੇ ਲਖਵਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਰੋਕ ਕੇ ਉਸ ਦੀ ਸਕੂਟੀ, 6200 ਰੁਪਏ ਲੈ ਕੇ ਫਰਾਰ ਹੋ ਗਏ ਸੀ। ਇਸ ਮਗਰੋਂ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਬਾਅਦ ਵਿੱਚ ਪੁਲਿਸ ਨੇ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਸੀ। ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਰਿਮਾਂਡ ਖਤਮ ਹੋਣ ਦੇ ਬਾਅਦ ਪੁਲਿਸ ਨੇ ਤਿੰਨਾਂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਆਉਣੀ ਸੀ ਪਰ ਦੇਰ ਰਾਤ ਤਿੰਨੇ ਮੁਲਜ਼ਮ ਪੁਲਿਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਤਿੰਨੇ ਮੁਲਜ਼ਮ ਫਰਾਰ ਹੋਏ, ਤਾਂ ਪੁਲਿਸ ਕਰਮਚਾਰੀਆਂ ਨੇ ਸ਼ਰਾਬ ਪੀਤੀ ਹੋਈ ਸੀ। ਇਸ ਮਾਮਲੇ 'ਚ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਡਾ. ਨਾਨਾਕ ਸਿੰਘ ਨੇ ਦੱਸਿਆ ਕਿ ਸਭ ਇੰਸਪੈਕਟਰ ਸੁਖਜਿੰਦਰ ਸਿੰਘ, ਏਐਸਆਈ ਜਸਪਾਲ ਸਿੰਘ ਤੇ ਏਐਸਆਈ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਤੇ ਫਰਾਰ ਹੋਏ ਤਿੰਨੇ ਲੁਟੇਰੇਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।