ਲਹਿਰਾਗਾਗਾ: ਸੰਗਰੂਰ ਦੇ ਪਿੰਡ ਲਹਿਰਾਗਾਗਾ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇਥੇ 25 ਸਾਲਾ ਇੱਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਤੇ ਸੋਗ ਦਾ ਮਾਹੌਲ ਹੈ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਹੈ ਕਿ ਗੁਰਪ੍ਰੀਤ ਸਿੰਘ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ। ਪੁਲਿਸ ਚੌਂਕੀ ਲਹਿਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜਬੀਰ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਗਾਗਾ ਨੇ ਨੇ ਕਿਹਾ ਕਿ, "ਮੇਰੇ ਤਾਏ ਦਾ ਲੜਕਾ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ 25 ਸਾਲ ਜੋ ਕੱਲ੍ਹ ਸ਼ਾਮ 3 ਵਜੇ ਇਹ ਕਹਿ ਕੇ ਘਰੋਂ ਚਲਾ ਗਿਆ ਸੀ, ਕਿ ਮੈਂ ਦੋਸਤ ਨੂੰ ਮਿਲ ਕੇ ਆ ਰਿਹਾ ਹਾਂ, ਪਰੰਤੂ ਦੋ ਘੰਟੇ ਬਾਅਦ ਸਾਨੂੰ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ ਦਾ ਰਜਵਾਹੇ ਨੇੜੇ ਬੇਹੋਸ਼ ਪਿਆ ਹੈ।
ਚਮਕੌਰ ਸਿੰਘ ਨੇ ਆਪਣੇ ਬਿਆਨ 'ਚ ਅੱਗੇ ਕਿਹਾ, "ਜਦੋਂ ਅਸੀਂ ਜਾ ਕੇ ਦੇਖਿਆ ਤਾਂ ਉਸ ਦੇ ਮੂੰਹ ਵਿਚੋਂ ਝੱਗ ਨਿਕਲ ਰਹੀ ਸੀ। ਇਸ ਤੋਂ ਬਾਅਦ ਅਸੀਂ ਗੁਰਪ੍ਰੀਤ ਨੂੰ ਚੁੱਕ ਕੇ ਲਹਿਰਾ ਦੇ ਸਿਵਲ ਹਸਪਤਾਲ ਅਤੇ ਫਿਰ ਸੰਗਰੂਰ ਨਿੱਜੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਇਹ ਵੀ ਖਦਸ਼ਾ ਜ਼ਾਹਰ ਕੀਤਾ ਕਿ ਗੁਰਪ੍ਰੀਤ ਸਿੰਘ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਪੀਣ ਕਰਕੇ ਜਾਂ ਅਟੈਕ ਕਰ ਕੇ ਹੋਈ ਲੱਗਦੀ ਹੈ।"
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਚਚੇਰੇ ਭਰਾ ਰਾਜਵੀਰ ਸਿੰਘ ਦੇ ਬਿਆਨ ਮੁਤਾਬਕ ਫਿਲਹਾਲ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪਿੰਡ ਵਾਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਕਈ ਸਾਲ ਤੋਂ ਵਿਦੇਸ਼ ਗਈ ਹੋਈ ਹੈ ਅਤੇ 10 -15 ਦਿਨਾਂ ਬਾਅਦ ਗੁਰਪ੍ਰੀਤ ਸਿੰਘ ਨੇ ਵੀ ਵਿਦੇਸ਼ ਜਾਣਾ ਸੀ। ਮ੍ਰਿਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਭੈਣ ਨੂੰ ਛੱਡ ਗਿਆ ਹੈ। ਗੁਰਪ੍ਰੀਤ ਸਿੰਘ ਦੀ ਮੌਤ ਕਾਰਨ ਜਿੱਥੇ ਪੂਰਾ ਪਰਿਵਾਰ ਸਦਮੇ ਵਿਚ ਹੈ ਉੱਥੇ ਹੀ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ । ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।