ਰਿਪੋਰਟਰ --- ਸਤਨਾਮ ਸਿੰਘ ਗੁਰਦਾਸਪੁਰ


Punjab News: ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅੰਦਰ ਵਾਪਰੇ ਦਰਦਨਾਕ ਹਾਦਸੇ ਦੌਰਾਨ ਇੱਕ ਨੌਜਵਾਨ ਲਵਪ੍ਰੀਤ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਸਾਥੀ ਰੋਹਿਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਦੇ ਲਈ ਕਲਾਨੌਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।


ਜ਼ਿਕਰ ਕਰ ਦਈਏ ਕਿ ਇਹ ਹਾਦਸਾ ਨਿੱਜੀ ਸਕੂਲ ਦੀ ਬੱਸ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਵਾਪਰਿਆ ਹੈ। ਇਸ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਬੱਸ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਕਰਕੇ ਇਹ ਹਾਦਸਾ ਵਾਪਰਿਆ ਅਤੇ ਹਾਦਸੇ ਤੋਂ ਬਾਅਦ ਬੱਸ ਚਾਲਕ ਬੱਸ ਲੈਕੇ ਫ਼ਰਾਰ ਹੋ ਗਿਆ


ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕੀ ਲਵਪ੍ਰੀਤ ਅਤੇ ਰੋਹਿਤ 12ਵੀਂ ਕਲਾਸ ਵਿੱਚ ਪੜ੍ਹਦੇ ਹਨ ਤੇ ਸਕੂਲ ਜਾ ਰਹੇ ਸੀ। ਇਸ ਮੌਕੇ ਪਿੰਡ ਲੱਖਣਕਲ੍ਹਾਂ ਦੇ ਇੱਕ ਨਿੱਜੀ ਸਕੂਲ ਦੀ ਬੱਸ ਨੇ ਇਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਦੋਨੋਂ ਖੇਤਾਂ ਵਿੱਚ ਡਿੱਗ ਗਏ ਅਤੇ ਬੱਸ ਡਰਾਈਵਰ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ ਅਤੇ ਆਪਣੀ ਬੱਸ ਭਜਾ ਕੇ ਉੱਥੋਂ ਫ਼ਰਾਰ ਹੋ ਗਿਆ।


ਉਨ੍ਹਾਂ ਕਿਹਾ ਕਿ ਦੋਨੋਂ ਬੱਚੇ ਪਾਣੀ ਵਿੱਚ ਡਿੱਗ ਗਏ ਤੇ ਪਾਣੀ ਵਿੱਚ ਰਹਿਣ ਕਰਕੇ ਲਵਪ੍ਰੀਤ ਦੀ ਮੌਕੇ ਤੇ ਮੌਤ ਹੋ ਗਈ ਅਤੇ ਰੋਹਿਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਕਲਾਨੌਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਜਿੱਥੇ ਉਸਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰੋਹਿਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।


ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਬੱਸ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਕਰਕੇ ਇਹ ਹਾਦਸਾ ਹੋਇਆ ਹੈ ਉਹਨਾਂ ਨੇ ਕਿਹਾ ਕਿ ਇਹ ਬੱਸ ਡਰਾਈਵਰ ਪਹਿਲਾਂ ਵੀ ਬੱਸ ਬਹੁਤ ਤੇਜ਼ੀ ਨਾਲ ਪਿੰਡਾਂ ਵਿੱਚੋਂ ਕੱਢਦਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਸ ਡਰਾਈਵਰ ਦੇ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ


ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰਾ ਬਾਬਾ ਨਾਨਕ ਥਾਣੇ ਦੇ ਸਬ-ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹਨਾਂ ਨੇ ਮੌਕੇ ਉੱਤੇ ਪਹੁੰਚ ਕੇ ਲਵਪ੍ਰੀਤ ਦੀ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਅਤੇ ਬੱਸ ਦੇ ਡਰਾਈਵਰ ਨੂੰ ਵੀ ਆਪਣੀ ਹਿਰਾਸਤ ਵਿੱਚ ਲੈਕੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਅਗਲੀ ਬਣਦੀ ਕਾਨੂੰਨੀ ਕਾਰਵਾਈ ਡਰਾਈਵਰ ਦੇ ਖਿਲਾਫ ਕੀਤੀ ਜਾਵੇਗੀ।