Jalandhar News: ਜਲੰਧਰ 'ਚ 'ਆਪ' ਨੂੰ ਡਬਲ ਝਟਕਾ! ਐਮਪੀ ਰਿੰਕੂ ਤੇ ਵਿਧਾਇਕ ਅੰਗੁਰਾਲ ਬੀਜੇਪੀ 'ਚ ਸ਼ਾਮਲ?
ਆਮ ਆਦਮੀ ਪਾਰਟੀ (ਆਪ) ਨੂੰ ਜਲੰਧਰ ਵਿੱਚ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
Jalandhar News: ਆਮ ਆਦਮੀ ਪਾਰਟੀ (ਆਪ) ਨੂੰ ਜਲੰਧਰ ਵਿੱਚ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਰਿੰਕੂ ਪੰਜਾਬ 'ਚ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਇਸ ਤੋਂ ਪਹਿਲਾਂ ਵੀ ਰਿੰਕੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋਈ ਸੀ ਪਰ ਉਦੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ‘ਆਪ’ ਨੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵੀ ਬਣਾਇਆ ਸੀ ਪਰ ਉਹ ਬੜੇ ਨਾਟਕੀ ਢੰਗ ਨਾਲ ਬੀਜੇਪੀ ਵਿੱਚ ਸ਼ਾਮਲ ਹੋ ਗਏ।
ਸੁਸ਼ੀਲ ਕੁਮਾਰ ਰਿੰਕੂ ਅੱਜ ਸਵੇਰੇ ਹੀ ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਸਨ। ਰਿੰਕੂ ਭਾਜਪਾ ਹਾਈਕਮਾਂਡ ਦੀ ਪ੍ਰਧਾਨਗੀ ਹੇਠ ਅੱਜ ਸ਼ਾਮ 4 ਵਜੇ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਲਈ ਭਾਜਪਾ ਦਫ਼ਤਰ ਵਿਖੇ ਪ੍ਰੋਗਰਾਮ ਰੱਖਿਆ ਗਿਆ। ਭਾਜਪਾ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਰਿੰਕੂ ਜਲੰਧਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ।
ਉਨ੍ਹਾਂ ਦੇ ਨਾਲ ਹੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਬੀਜੇਪੀ ਵਿੱਚ ਸ਼ਾਮਲ ਹੋ ਗਏ। ਸ਼ੀਤਲ ਅੰਗੁਰਾਲ ਨੇ ਕੁਝ ਸਮਾਂ ਪਹਿਲਾਂ ਹੀ ਫੇਸਬੁੱਕ 'ਤੇ ਇੱਕ ਪੋਸਟ ਸ਼ੇਅਰ ਕੀਤੀ ਜਿਸ ਵਿੱਚ ਉਨ੍ਹਾਂ ਲਿਖਿਆ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਣਗੇ ਪਰ ਰਿੰਕੂ ਨੇ ਉਦੋਂ ਨਾਂਹ ਕਰ ਦਿੱਤੀ ਸੀ। ਸੁਸ਼ੀਲ ਕੁਮਾਰ ਰਿੰਕੂ ਪਿਛਲੇ ਸਾਲ ਜਲੰਧਰ 'ਚ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ 'ਆਪ' 'ਚ ਸ਼ਾਮਲ ਹੋਏ ਸਨ। 'ਆਪ' ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਜਿਸ ਵਿੱਚ ਰਿੰਕੂ ਜੇਤੂ ਰਿਹਾ ਸੀ। ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।