ਪੜਚੋਲ ਕਰੋ
Advertisement
1984 Sikh Riots : ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
1984 Sikh Riots : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
1984 Sikh Riots : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਨੇ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਘਿਨੌਣਾ ਕਾਰਾ ਸੀ, ਜਿਸ ਵਿਚ ਸਿੱਖਾਂ ਨੂੰ ਸਾਜ਼ਿਸ਼ ਰਚ ਕੇ ਨਿਸ਼ਾਨਾ ਬਣਾਇਆ ਗਿਆ।
ਸਮਾਗਮ ’ਚ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਬਾਬਾ ਪ੍ਰਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਬਘੇਲ ਸਿੰਘ, ਸੁਖਰਾਜ ਸਿੰਘ, ਸਤਨਾਮ ਸਿੰਘ ਰਿਆੜ, ਵਧੀਕ ਮੈਨੈਜਰ ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਜਸਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਹਨ।
ਨਵੰਬਰ 1984 ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ : ਧਾਮੀ
ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਹਕੂਮਤ ਦੀ ਸ਼ਹਿ ’ਤੇ ਸਿੱਖਾਂ ਦੇ ਕੀਤੇ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ 38 ਸਾਲ ਬੀਤ ਜਾਣ ਮਗਰੋਂ ਵੀ ਕੌਮ ਨੂੰ ਇਨਸਾਫ਼ ਨਹੀਂ ਮਿਲਿਆ। ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਵੰਬਰ 1984 ’ਚ ਸਮੇਂ ਦੀ ਸਰਕਾਰ ਦੀ ਸ਼ਹਿ ’ਤੇ ਕਈ ਦਿਨ ਸਿੱਖਾਂ ’ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆਂ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਇਹ ਮਾਨਵਤਾ ਵਿਰੋਧੀ ਕਰੂਰ ਕਾਰਾ ਸੀ, ਜਿਸ ਤੋਂ ਕਾਂਗਰਸ ਕਦੇ ਵੀ ਬਰੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਤਾਂ ਕੀ ਮਿਲਣੀਆਂ ਸਨ, ਉਲਟਾ ਅੱਜ ਵੀ ਕਾਂਗਰਸ ਦੋਸ਼ੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ। ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਵਿਚ ਵੱਡੇ ਅਹੁਦੇ ਦੇ ਕੇ ਨਿਵਾਜਣਾ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ’ਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਬਾਰ-ਬਾਰ ਧੋਖਾ ਹੋ ਰਿਹਾ ਹੈ ਅਤੇ ਨਵੰਬਰ ਮਹੀਨਾ ਆਉਂਦੇ ਹੀ ਸਿੱਖ ਕੌਮ ਦੇ ਜ਼ਖ਼ਮ ਰਿਸਦੇ ਹਨ, ਪਰ ਸਰਕਾਰਾਂ ਵੱਲੋਂ ਅੱਜ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement