Punjab Police: ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ, ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਤੋਂ 8 ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ।
ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰ ਉਸ ਸਮੇਂ ਫੜੇ ਗਏ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਮੁਲਜ਼ਮਾਂ ਨੇ ਮੰਨਿਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦਾ ਇਸ ਪਿੱਛੇ ਹੱਥ ਹੈ।
ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਕਿਹਾ ਕਿ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਏ ਹਨ। ਜਦੋਂ ਮੁਲਜ਼ਮ ਤੋਂ ਬਰਾਮਦ ਮੋਬਾਈਲ ਦੀ ਜਾਂਚ ਕੀਤੀ ਗਈ ਤਾਂ ਪਾਕਿਸਤਾਨ ਵਿੱਚ ਬੈਠੇ ਤਸਕਰ ਨੂਰ ਦਾ ਨਾਮ ਸਾਹਮਣੇ ਆਇਆ ਹੈ। ਇਸ ਨੂਰ ਨੇ ਹਥਿਆਰਾਂ ਦੀ ਇਹ ਖੇਪ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਭੇਜੀ ਸੀ।
ਕੀ ਕੁਝ ਹੋਇਆ ਬਰਾਮਦ
ਤਿੰਨ ਗਲੌਕ 9mm ਪਿਸਤੌਲ
ਚਾਰ Px5 ਪਿਸਤੌਲ
ਇੱਕ .30 ਬੋਰ ਪਿਸਤੌਲ
ਇਸ ਸਬੰਧ ਵਿੱਚ, SSOC ਥਾਣਾ, ਅੰਮ੍ਰਿਤਸਰ ਵਿੱਚ ਇੱਕ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ, ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਦਾ ਧਿਆਨ ਇਸ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨਾ ਅਤੇ ਇਸਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਹੈ।