Attack on Sukhbir Badal: ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲੇ ਦਾ ਮਾਮਲਾ ਗਰਮਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਾਅਵਾ ਕਰ ਰਹੇ ਹਨ ਕਿ ਇਸ ਪਿੱਛੇ ਡੂੰਘੀ ਸਾਜਿਸ਼ ਹੈ। ਇਸ ਸਬੰਧੀ ਬਿਕਰਮ ਮਜੀਠੀਆ ਨੇ ਹਮਲਾਵਰ ਨਰੈਣ ਸਿੰਘ ਚੌੜਾ ਦੀਆਂ ਪੁਲਿਸ ਅਫਸਰ ਨੂੰ ਮਿਲਦਿਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਹੁਣ ਐਡਵੋਕੇਟ ਜੀਐਸ ਰੰਧਾਵਾ ਨੇ ਖੁਲਾਸਾ ਕੀਤਾ ਹੈ ਕਿ ਨਰੈਣ ਸਿੰਘ ਚੌੜਾ 4 ਦਸੰਬਰ ਨੂੰ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਬੇਰ ਬਾਬਾ ਬੁੱਢਾ ਸਾਹਿਬ ਦੇ ਨੇੜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਮਿਲਿਆ ਸੀ।
ਨਰੈਣ ਸਿੰਘ ਚੌੜਾ ਦੇ ਵਕੀਲ ਜੀਐਸ ਰੰਧਾਵਾ ਨੇ ਕਿਹਾ ਹੈ ਕਿ ਜਿਵੇਂ ਉਹ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੁਲਿਸ ਅਧਿਕਾਰੀ ਨੂੰ ਮਿਲਿਆ, ਉਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਮਿਲਿਆ ਸੀ, ਕਿਉਂਕਿ ਉਹ ਇੱਕ ਨਾਮੀ ਵਿਅਕਤੀ ਹੈ ਤੇ ਸਿੱਖ ਵਿਦਵਾਨ ਵੀ ਹੈ। ਉਸ ਦੀਆਂ ਕਈ ਕਿਤਾਬਾਂ ਛਪੀਆਂ ਹਨ। ਉਸ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਅਕਾਲੀ ਦਲ ਦੇ ਲੀਡਰ ਵੀ ਚੰਗੀ ਤਰ੍ਹਾਂ ਜਾਣਦੇ ਹਨ। ਸਿਆਸਤਦਾਨ ਤੇ ਸਿੱਖ ਪੰਥ ਦੇ ਵਿਦਵਾਨ ਵੀ ਨਰੈਣ ਸਿੰਘ ਚੌੜਾ ਨੂੰ ਜਾਣਦੇ ਹਨ।
ਐਡਵੋਕੇਟ ਜੀਐਸ ਰੰਧਾਵਾ ਨੇ ਇਹ ਵੀ ਦੋਸ਼ ਲਾਇਆ ਕਿ ਪੁਲਿਸ ਜਾਣ-ਬੁੱਝ ਕੇ ਜਾਂਚ ਦੇ ਮਾਮਲੇ ਨੂੰ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਵੱਲੋਂ ਅਦਾਲਤ ਵਿੱਚ ਉਸ ਦੇ ਫੋਨ ਦਾ ਕਾਲ ਰਿਕਾਰਡ ਪੇਸ਼ ਕੀਤਾ ਗਿਆ ਹੈ ਤੇ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਪਹਿਲੀ ਦਸੰਬਰ ਨੂੰ ਸਰਹੱਦ ’ਤੇ ਸੀ। ਪੁਲਿਸ ਨੇ ਅਦਾਲਤ ਨੂੰ ਦਲੀਲ ਦਿੱਤੀ ਹੈ ਕਿ ਉਹ ਉਸ ਦੀ ਸਰਹੱਦ ਤੇ ਆਮਦ ਬਾਰੇ ਪਤਾ ਕਰਨਾ ਚਾਹੁੰਦੀ ਹੈ।
ਦਰਅਸਲ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਨਰੈਣ ਸਿੰਘ ਚੌੜਾ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਬੁੱਧਵਾਰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਅੱਠ ਦਿਨ ਦਾ ਹੋਰ ਪੁਲੀਸ ਰਿਮਾਂਡ ਦੇਣ ਦੀ ਮੰਗ ਕੀਤੀ ਪਰ ਅਦਾਲਤ ਨੇ ਦੋਵਾਂ ਧਿਰਾਂ ਦਾ ਪੱਖ ਸੁਣਨ ਮਗਰੋਂ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਉਸ ਨੂੰ 14 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਦੌਰਾਨ ਪੁਲਿਸ ਨੇ ਅਦਾਲਤ ਵਿੱਚ ਦਰਖਾਸਤ ਦਾਇਰ ਕਰਕੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਦੀ ਜਾਂਚ ਦੌਰਾਨ ਲੋੜੀਂਦੀ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਮੁਹੱਈਆ ਨਹੀਂ ਕਰ ਰਹੀ। ਪੁਲਿਸ ਨੂੰ ਇਸ ਮਾਮਲੇ ਦੀ ਜਾਂਚ ਦੌਰਾਨ 2 ਤੋਂ 4 ਦਸੰਬਰ ਤੱਕ ਹਰਿਮੰਦਰ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਲੋੜ ਹੈ। ਉਨ੍ਹਾਂ ਇਸ ਮਾਮਲੇ ਵਿੱਚ ਅਦਾਲਤ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦੇਣ ਲਈ ਕਿਹਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹਰਿਮੰਦਰ ਸਾਹਿਬ ਦੇ ਮੈਨੇਜਰ ਨੂੰ ਹਦਾਇਤ ਕਰਨ ਲਈ ਕਿਹਾ ਸੀ। ਅਦਾਲਤ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ।
ਪੁਲਿਸ ਦਾ ਕਹਿਣਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਪੁਲਿਸ ਨੂੰ ਮੁਹੱਈਆ ਕਰਵਾ ਦਿੱਤੀ ਹੈ ਤੇ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਘੋਖ ਰਹੀ ਹੈ। ਇਹ ਤੱਥ ਵੀ ਸਾਹਮਣੇ ਆਏ ਹਨ ਕਿ ਮੁਲਜ਼ਮ ਦੇ ਨਾਲ ਹਰਿਮੰਦਰ ਸਾਹਿਬ ਵਿਖੇ ਉਸ ਦੇ ਕੁਝ ਹੋਰ ਸਾਥੀ ਵੀ ਦੇਖੇ ਗਏ ਸਨ ,ਜਿਸ ਦੀ ਪੁਲਿਸ ਵੱਲੋਂ ਪੁਸ਼ਟੀ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪੁਲਿਸ ਵੱਲੋਂ ਉਸ ਦੇ ਇੱਕ ਸਾਥੀ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ ਹੈ ਤੇ ਇੱਕ ਹੋਰ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਇਸ ਤੋਂ ਪਹਿਲਾਂ ਮੁਲਜ਼ਮ ਦਾ ਛੇ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਚੁੱਕੀ ਹੈ।