Amritsar News: ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕਰੀਬ 30-30 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਦਸ਼ਤਖ਼ਤੀ ਮੁਹਿੰਮ ਤਹਿਤ 26 ਲੱਖ ਲੋਕਾਂ ਵੱਲੋਂ ਦਰਜ ਕਰਵਾਈ ਗਈ ਅਵਾਜ਼ ਨੂੰ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋਇਆ।


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਨ ਉਪਰੰਤ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫ਼ਦ ਮੈਂਬਰਾਂ ਨੂੰ ਸੰਕੇਤਕ ਤੌਰ ’ਤੇ ਪ੍ਰੋਫਾਰਮੇ ਦੇ ਕੇ ਰਵਾਨਾ ਕੀਤਾ।


ਇਸ ਮੌਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੇ ਲੋਕਤੰਤਰ ਆਖੇ ਜਾਂਦੇ ਭਾਰਤ ਵਿਚ ਖਾਸਕਰ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ 17 ਸਾਲ ਤੋਂ ਫਾਂਸੀ ਦੀ ਚੱਕੀ ਵਿਚ ਬੰਦ ਹਨ ਅਤੇ ਪਿਛਲੇ 11 ਸਾਲ ਤੋਂ ਉਨ੍ਹਾਂ ਬਾਰੇ ਪਟੀਸ਼ਨ ਕੇਂਦਰ ਸਰਕਾਰ ਕੋਲ ਪੈਂਡਿੰਗ ਪਈ ਹੈ।


ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੋਸ਼ੀਆਂ ਨੂੰ ਛੱਡਿਆ ਜਾ ਰਿਹਾ ਹੈ, ਜਦਕਿ ਆਪਣੀਆਂ ਸਜ਼ਾਵਾਂ ਤੋਂ ਦੁਗਣਾ ਸਮਾਂ ਜੇਲ੍ਹਾਂ ਵਿਚ ਰਹਿਣ ਵਾਲੇ ਸਿੱਖਾਂ ਨਾਲ ਵਿਤਕਰਾ ਹੋ ਰਿਹਾ ਹੈ। ਅਜਿਹਾ ਵਿਤਕਰਾ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਦਸਤਖ਼ਤੀ ਮੁਹਿੰਮ ਤਹਿਤ ਸੰਗਤਾਂ ਵੱਲੋਂ ਵਿਅਕਤ ਕੀਤੀਆਂ ਭਾਵਨਾਵਾਂ ਦਰਜ ਕਰਵਾਉਣ ਲਈ ਰਾਜਪਾਲ ਨੂੰ ਮਿਲਣ ਜਾ ਰਿਹਾ ਹੈ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲਾਂ ਵਿਚ ਬਿਤਾਉਣ ਵਾਲੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ 26 ਲੱਖ ਦੇ ਕਰੀਬ ਸੰਗਤਾਂ ਨੇ ਦਸਤਖ਼ਤ ਕਰਕੇ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ। ਸੰਗਤਾਂ ਵੱਲੋਂ ਦਸਤਖ਼ਤ ਕੀਤੇ ਪ੍ਰੋਫਾਰਮਿਆਂ ਦੇ ਵੇਰਵੇ ਪੰਜਾਬ ਦੇ ਰਾਜਪਾਲ ਰਾਹੀਂ ਮਾਨਯੋਗ ਰਾਸ਼ਟਰਪਤੀ ਨੂੰ ਭੇਜੇ ਜਾ ਰਹੇ ਹਨ।


ਐਡਵੋਕੇਟ ਧਾਮੀ ਨੇ ਕਿਹਾ ਕਿ ਭਰੇ ਗਏ ਸਾਰੇ ਪ੍ਰੋਫਾਰਮਿਆਂ ਦੇ ਨਾਲ-ਨਾਲ ਡਿਜ਼ੀਟਲ ਤਰੀਕੇ ਨਾਲ ਤਿਆਰ ਕੀਤਾ ਗਿਆ ਡਾਟਾ ਵੀ ਮਾਨਯੋਗ ਰਾਜਪਾਲ ਨੂੰ ਸੌਂਪਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਪਾਲ ਨਾਲ ਮੁਲਾਕਾਤ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ-ਨਾਲ ਹੋਰ ਅਹਿਮ ਸਿੱਖ ਮਾਮਲਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ।