Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ’ਚ ਬੇਨਿਯਮੀ ਦੇ ਮਾਮਲੇ ਦੀ ਮੁੜ ਜਾਂਚ ਹੋਏਗੀ। ਸ਼੍ਰੋਮਣੀ ਕਮੇਟੀ ਵੱਲੋਂ ਮੁੜ ਜਾਂਚ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਇਸ ਮਾਮਲੇ ਵਿੱਚ ਫਸੇ ਕਈ ਕਰਮਚਾਰੀਆਂ ਨੇ ਰਾਹਤ ਮਹਿਸੂਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਨਸਾਫ ਮਿਲਣ ਦੀ ਆਸ ਬੱਝੀ ਹੈ। 


ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਵਿੱਚ 51 ਕਰਮਚਾਰੀ ਮੁਅੱਤਲ ਕੀਤੇ ਗਏ ਹਨ, ਜਿਨ੍ਹਾਂ ’ਚ ਸਟੋਰਕੀਪਰ, ਸੁਪਰਵਾਈਜ਼ਰ, ਇੰਸਪੈਕਟਰ ਤੇ ਮੈਨੇਜਰ ਪੱਧਰ ਤੇ ਅਧਿਕਾਰੀ ਸ਼ਾਮਲ ਹਨ। ਇਸ ਮਾਮਲੇ ਵਿੱਚ ਫਸੇ ਕਰਮਚਾਰੀਆਂ ਵੱਲੋਂ ਹਾਲ ਹੀ ਵਿੱਚ ਲਿਖਤੀ ਰੂਪ ਵਿੱਚ ਆਪਣਾ ਰੋਸ ਦਰਜ ਕਰਵਾਇਆ ਗਿਆ ਸੀ। 


ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਰੋਸ ਪੱਤਰ ਦੇ ਕੇ ਉਨ੍ਹਾਂ ਅਫਸੋਸ ਦਾ ਪ੍ਰਗਟਾਵਾ ਕੀਤਾ ਸੀ ਕਿ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਹੀ ਸਜ਼ਾ ਸੁਣਾ ਦਿੱਤੀ ਗਈ ਹੈ। ਉਹ ਇਸ ਮਾਮਲੇ ਵਿੱਚ ਸਿੱਧੇ ਰੂਪ ਵਿੱਚ ਸ਼ਾਮਲ ਨਹੀਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਲਈ ਸਬ-ਕਮੇਟੀ ਬਣਾਈ ਗਈ ਹੈ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਸ਼ਾਮਲ ਕੀਤੇ ਗਏ ਹਨ। 


ਸਬ-ਕਮੇਟੀ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ, ਸ਼ੇਰ ਸਿੰਘ ਮੰਡ ਵਾਲਾ ਤੇ ਸੁਰਜੀਤ ਸਿੰਘ ਤੁਗਲਵਾਲ ਸ਼ਾਮਲ ਹਨ। 


ਇਸ ਮਾਮਲੇ ’ਚ ਫਸੇ ਮੈਨੇਜਰ ਪੱਧਰ ਦੇ ਕੁੱਝ ਕਰਮਚਾਰੀਆਂ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਪੱਖ ਵੀ ਸੁਣਿਆ ਜਾਵੇਗਾ, ਜਿਸ ਨਾਲ ਉਹ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਉਨ੍ਹਾਂ ਨੂੰ ਨਿਆਂ ਮਿਲਣ ਦਾ ਭਰੋਸਾ ਮਿਲਿਆ ਹੈ। ਸਬ-ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਇਹ ਕਦਮ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਹੱਕਾਂ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ। 


ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿੱਚ ਫਲਾਇੰਗ ਵਿਭਾਗ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ 51 ਕਰਮਚਾਰੀਆਂ ਨੂੰ ਮੁਅੱਤਲ ਕੀਤਾ ਸੀ। ਇਸ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਕਰਮਚਾਰੀਆਂ ਨੂੰ ਹੁਣ ਉਨ੍ਹਾਂ ਦਾ ਲਿਖਤੀ ਜਾਂ ਵਿਅਕਤੀਗਤ ਤੌਰ ’ਤੇ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ ਪਰ ਅਗਲੇ ਹੁਕਮਾਂ ਤੱਕ ਇਹ ਸਾਰੇ ਕਰਮਚਾਰੀ ਮੁਅੱਤਲ ਹੀ ਰਹਿਣਗੇ।