ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਾਮ ਥੋਰੀ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਮਾਣਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।


ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ  ਪਾਸ ਕੀਤੇ ਹੁਕਮਾਂ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਆਰਜ਼ੀ ਲਾਇਸੈਂਸ ਜਾਰੀ ਕੀਤਾ ਜਾਵੇਗਾ। ਡਰਾਅ ਮੁਤਾਬਕ ਅਲਾਟੀ ਵੱਲੋਂ ਪਟਾਕੇ ਕੇਵਲ ਸਵੇਰੇ 10 ਵਜੇ ਤੋਂ ਸ਼ਾਮ 7.30 ਵਜੇ ਤੱਕ ਹੀ ਨਿਰਧਾਰਤ ਕੀਤੀ ਜਗ੍ਹਾ 'ਤੇ ਵੇਚੇ ਜਾ ਸਕਣਗੇ ਅਤੇ ਇਸ ਦੌਰਾਨ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ, ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ।



ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੰਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਮਿਤੀ 23-10-2018 ਨੂੰ ਦੀਵਾਲੀ, ਗੁਪਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।


ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸੇ ਤਰ੍ਹਾਂ ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।



ਉਨ੍ਹਾਂ ਦੱਸਿਆ ਕਿ ਕੋਈ ਵੈਬਸਾਈਟ, ਈ ਕਾਮਰਸ ਸਾਈਟ ਆਦਿ ਪਟਾਕੇ ਨਹੀਂ ਵੇਚ ਸਕਣਗੇ।


ਜ਼ਿਲ੍ਹਾ ਮੈਜਿਸਟ੍ਰੇਟ ਨੇ ਹੋਰ ਕਿਹਾ ਕਿ ਵਿਆਹ ਸ਼ਾਦੀਆਂ ਦੇ ਸਮਾਗਮਾਂ ਸਮੇਂ ਪਟਾਕੇ ਆਦਿ ਚਲਾਉਣ ਲਈ ਮੈਰਿਜ ਪੈਲੇਸ ਮਾਲਕ ਵੱਲੋਂ ਇਸ ਸਬੰਧੀਂ ਲਾਇਸੈਂਸ ਲੈਣਾ ਲਾਜਮੀ ਹੋਵੇਗਾ ਤੇ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਬਿਨ੍ਹਾਂ ਸ਼ੋਭਾ ਯਾਤਰਾ, ਨਗਰ ਕੀਰਤਨ, ਪ੍ਰਭਾਤ ਫੇਰੀ ਅਤੇ ਹੋਰ ਸਮਾਗਮਾਂ ਮੌਕੇ ਪਟਾਕਿਆਂ ਨੂੰ ਚਲਾਉਣ ਲਈ ਵੀ ਲਾਇਸੈਂਸ ਲੈਣਾ ਲਾਜਮੀ ਹੈ। ਇਸ ਦੌਰਾਨ ਸੰਘਣੀ ਵੱਸੋਂ ਵਾਲੇ ਇਲਾਕਿਆਂ ਅਤੇ ਅੱਗ ਲੱਗਣ ਵਾਲੇ ਸੰਭਾਵਤ ਖੇਤਰਾਂ 'ਚ ਪਟਾਕੇ ਚਲਾਉਣ ਦੀ ਸੰਪੂਰਨ ਮਨਾਹੀ ਹੋਵੇਗੀ।