Punjab News: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Raghbir Singh) ਨੇ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਹਰਜਿੰਦਰ ਸਿੰਘ ਧਾਮੀ (harjinder Singh Dhami) ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਪ੍ਰਧਾਨ ਧਾਮੀ ਨੂੰ ਮਿਲੇ ਸਨ, ਪਰ ਉਸ ਦੌਰਾਨ ਅਸਤੀਫ਼ੇ ਬਾਰੇ ਕੋਈ ਚਰਚਾ ਨਹੀਂ ਹੋਈ।

ਇਸ ਦੇ ਨਾਲ ਹੀ ਜਦੋਂ ਜਥੇਦਾਰ ਰਘਬੀਰ ਸਿੰਘ ਤੋਂ ਅਸਤੀਫ਼ੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਜਾਂਦਾ ਹੈ, ਤਾਂ ਉਹ ਇਸ ਲਈ ਪਹਿਲਾਂ ਹੀ ਤਿਆਰ ਹਨ। ਜੇ ਹਟਾਇਆ ਗਿਆ ਤਾਂ ਕੱਪੜੇ ਬੈਗ ਵਿੱਚ ਪੈਕ ਹਨ ਤੇ ਗੁਰੂਆਂ ਦੇ ਆਦੇਸ਼ ਦਾ ਪਾਲਣ ਕਰਾਂਗਾਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲੇ ਸਨ। ਇਹ ਇੱਕ ਪਰਿਵਾਰਕ ਮੁਲਾਕਾਤ ਸੀ ਪਰ ਇਸ ਸਮੇਂ ਦੌਰਾਨ ਅਸਤੀਫ਼ੇ ਬਾਰੇ ਕੋਈ ਚਰਚਾ ਨਹੀਂ ਹੋਈ। 

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਹੁਣ ਤੱਕ ਸਿਰਫ਼ ਧਾਮੀ ਦਾ ਅਸਤੀਫ਼ਾ ਹੀ ਪ੍ਰਾਪਤ ਹੋਇਆ ਹੈ, ਜਦੋਂ ਕਿ ਬਡੂੰਗਰ ਦਾ ਅਸਤੀਫ਼ਾ ਅਜੇ ਤੱਕ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਇਹ ਦੋਵੇਂ ਇਸ ਕਮੇਟੀ ਦਾ ਹਿੱਸਾ ਨਹੀਂ ਰਹਿੰਦੇ ਹਨ, ਤਾਂ ਅਕਾਲ ਤਖ਼ਤ ਦੇ ਜਥੇਦਾਰ ਤੇ ਹੋਰ ਸਿੱਖ ਸੰਤਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਜਾਵੇਗੀ ਅਤੇ ਇੱਕ ਨਵਾਂ ਕੋਆਰਡੀਨੇਟਰ ਨਿਯੁਕਤ ਕੀਤਾ ਜਾਵੇਗਾ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਵੇਗੀ ਜਿਸ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਗਿਆ ਹੈ ਪਰ ਇਸ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਕਾਰ ਲਗਾਤਾਰ ਟਕਰਾਅ ਦੇਖਿਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਲਗਾਤਾਰ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਖ਼ਿਲਾਫ਼ ਤਿੱਖੇ ਬਿਆਨ ਦੇ ਰਹੇ ਹਨ, ਜਦੋਂ ਕਿ ਅਕਾਲੀ ਦਲ ਵੀ ਉਨ੍ਹਾਂ ਦੀ ਆਲੋਚਨਾ ਕਰ ਰਿਹਾ ਹੈ।

ਇਸ ਵਿਵਾਦ ਵਿੱਚ ਇੱਕ ਨਵਾਂ ਮੋੜ ਉਦੋਂ ਆਇਆ ਜਦੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਤੇ ਸੱਤ ਮੈਂਬਰੀ ਕਮੇਟੀ ਤੋਂ ਵੀ ਅਸਤੀਫਾ ਦੇਣ ਦਾ ਫੈਸਲਾ ਕੀਤਾ। ਹੁਣ ਗਿਆਨੀ ਰਘਬੀਰ ਸਿੰਘ ਨੇ ਵੀ ਸੰਕੇਤ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਉਹ ਬਿਨਾਂ ਕਿਸੇ ਵਿਰੋਧ ਦੇ ਇਸ ਫੈਸਲੇ ਨੂੰ ਸਵੀਕਾਰ ਕਰਨਗੇ।