Ajnala police station attack case: ਅਜਨਾਲਾ ਪੁਲਿਸ ਥਾਣੇ ਦੀ ਹਿੰਸਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਕੁਲਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਫ.ਆਈ.ਆਰ ਨੰਬਰ 39 'ਚ ਕੀਤੀ ਗਈ ਹੈ। ਇਹ ਮਾਮਲਾ ਅਜਨਾਲਾ ਥਾਣੇ 'ਚ ਹੋਈ ਹਿੰਸਾ ਨਾਲ ਜੁੜਿਆ ਹੋਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਅਜਨਾਲਾ ਥਾਣੇ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ 10 ਮਹੀਨਿਆਂ ਬਾਅਦ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਫੜਿਆ ਗਿਆ ਵਿਅਕਤੀ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।
ਯਾਦ ਰਹੇ 23 ਫਰਵਰੀ ਨੂੰ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ 'ਤੇ ਧਾਵਾ ਬੋਲਿਆ ਗਿਆ ਸੀ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 39 ਦਰਜ ਕੀਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਦਰਅਸਲ ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕ ਲਵਪ੍ਰੀਤ ਤੂਫਾਨ ਖਿਲਾਫ ਮਾਮਲਾ ਦਰਜ ਕਰਨ ਦਾ ਵਿਰੋਧ ਕਰ ਰਿਹਾ ਸੀ। ਇਸ ਲਈ ਉਸ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ 23 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਿਆ। ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਕਈ ਘੰਟੇ ਅਜਨਾਲਾ ਥਾਣਾ ਨੂੰ ਕਬਜ਼ੇ ਹੇਠ ਰੱਖਿਆ। ਆਖਰ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ।
ਇਸ ਦੌਰਾਨ ਹੁਣ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੁਲਵੰਤ ਸਿੰਘ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਉਸ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।