Punjab News: CM ਮਾਨ ਦੀ ਅਮਿਤ ਸ਼ਾਹ ਨਾਲ ਮੀਟਿੰਗ ਤੋਂ ਪਹਿਲਾਂ ਅਕਾਲੀਆਂ ਨੇ ਦਿੱਤੀ 'ਗਿੱਦੜਸਿੰਗੀ'
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਆਸ ਪ੍ਰਗਟ ਕੀਤੀ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਪੰਜਾਬ ਨਾਲ ਸਬੰਧਤ ਅਹਿਮ ਮਸਲੇ ਚੁੱਕਣ ਵਿਚ ਅੜਿਕਾ ਨਹੀਂ ਬਣੇਗੀ।
Punjab News: ਗ੍ਰਹਿ ਮੰਤਰੀ ਨਾਲ CM ਮਾਨ ਦੀ ਹੋਣ ਵਾਲੀ ਮੀਟਿੰਗ ਲਈ ਅਕਾਲੀ ਦਲ ਨੇ ਦੱਸੇ ਨੁਕਤੇ, ਜਾਣੋ ਕੀ ਦਿੱਤੀਆਂ ਨੇ ਸਲਾਹਾਂ
Punjab News: ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਅੰਮ੍ਰਿਤਸਰ ਵਿਚ ਹੋਣ ਵਾਲੀ ਉੱਤਰੀ ਜ਼ੋਨ ਕੌਂਸਲ ਦੀ ਮੀਟਿੰਗ ਵਿਚ ਪੰਜਾਬ ਦੇ ਸਾਰੇ ਅਹਿਮ ਮਸਲਿਆਂ ’ਤੇ ਸਪਸ਼ਟ ਤੇ ਠੋਸ ਸਟੈਂਡ ਲੈਣ।
ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਤਾਂ ਇਹ ਅਹਿਮ ਬਣ ਜਾਂਦਾ ਹੈ ਕਿ ਸਪਸ਼ਟ ਕੀਤਾ ਜਾਵੇ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਹਰਿਆਣਾ ਨੂੰ ਯੂ ਟੀ ਵਿਚ ਵੱਖਰੀ ਵਿਧਾਨ ਸਭਾ ਲਈ ਕੋਈ ਥਾਂ ਨਹੀਂ ਦਿੱਤੀ ਜਾ ਸਕਦੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਾਕਾਬਲੀਅਤ ਕਾਰਨ ਕੇਂਦਰ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਤੇਜ਼ ਰਫਤਾਰ ਕਰ ਦਿੱਤਾ ਹੈ ਜਦੋਂ ਕਿ ਇਹ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਸਰੂਪ ਨਹੀਂ ਬਦਲਿਆ ਜਾ ਸਕਦਾ ਤੇ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਹ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ 1978 ਵਿਚ ਆਪਣੇ ਕਾਲਜਾਂ ਦੀ ਯੂਨੀਵਰਸਿਟੀ ਤੋਂ ਮਾਨਤਾ ਖਤਮ ਕਰਵਾਉਣ ਮਗਰੋਂ ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੀ ਕੋਈ ਹਿੱਸੇਦਾਰੀ ਨਹੀਂ ਰਹੀ।
ਡਾ. ਚੀਮਾ ਨੇ ਕਿਹਾ ਕਿ ਇਸਦੇ ਨਾਲ ਹੀ ਮੁੱਖ ਮੰਤਰੀ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਤੇ ਗਵਾਂਢੀ ਰਾਜਾਂ ਨਾਲ ਦਰਿਆਈ ਪਾਣੀ ਸਾਂਝੇ ਕਰਨ ਦੇ ਮਾਮਲੇ ’ਤੇ ਸਪਸ਼ਟ ਸਿਧਾਂਤਕ ਸਟੈਂਡ ਲੈਣ। ਉਹਨਾਂ ਕਿਹਾ ਕਿ ਪੰਜਾਬ ਕੋਲ ਨਾ ਤਾਂ ਨਹਿਰ ਦੀ ਉਸਾਰੀ ਵਾਸਤੇ ਜ਼ਮੀਨ ਹੈ ਕਿਉਂਕਿ ਇਹ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਗਈ ਸੀ ਤੇ ਨਾ ਹੀ ਸੂਬੇ ਕੋਲ ਵਾਧੂ ਪਾਣੀ ਹੈ ਕਿਉਂਕਿ ਇਸਦੇ ਅਨੇਕਾ ਜ਼ੋਨ ਪਹਿਲਾਂ ਹੀ ਰੈਡ ਜ਼ੋਨ ਐਲਾਨੇ ਜਾ ਚੁੱਕੇ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਨੂੰ ਇਹਵੀ ਆਖਣਾ ਚਾਹੀਦਾ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਵਾਸਤੇ ਪੁਰਾਣੇ ਦਿਸ਼ਾ ਨਿਰਦੇਸ਼ ਫਿਰ ਤੋਂ ਅਪਣਾਏ ਜਾਣ।ਅਕਾਲੀ ਆਗੂ ਨੇ ਆਸ ਪ੍ਰਗਟ ਕੀਤੀ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਪੰਜਾਬ ਨਾਲ ਸਬੰਧਤ ਅਹਿਮ ਮਸਲੇ ਚੁੱਕਣ ਵਿਚ ਅੜਿਕਾ ਨਹੀਂ ਬਣੇਗੀ।