Amritsar News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸੰਗਤ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਸਾਨ ਅੰਦੋਲਨ ਪ੍ਰਤੀ ਕੇਂਦਰ ਦੇ ਰਵੱਈਏ 'ਤੇ ਡੂੰਘੀ ਚਿੰਤਾ ਪ੍ਰਗਟਾਈ।
ਜਾਣਬੁੱਝ ਕੇ ਲਾਹੀ ਗਈ ਨਰਾਇਣ ਸਿੰਘ ਚੌੜਾ ਦੀ ਪੱਗ
ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਸੁਖਬੀਰ ਬਾਦਲ (Sukhbir badal) 'ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦੇ ਮਾਮਲੇ 'ਚ ਜਸਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਆਪਣਾ ਸਪੱਸ਼ਟੀਕਰਨ ਪੇਸ਼ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਜਸਪ੍ਰੀਤ ਸਿੰਘ ਨੇ ਮੰਨਿਆ ਕਿ ਉਸ ਨੇ ਜਾਣ ਬੁੱਝ ਕੇ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰੀ ਹੈ। ਇਸ ਸਬੰਧੀ ਜਸਪ੍ਰੀਤ ਸਿੰਘ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ। ਇਸ ਬਾਰੇ ਜਲਦੀ ਹੀ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਬਾਰੇ ਕੀ ਕਿਹਾ ?
ਜਥੇਦਾਰ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਨੂੰ 2 ਦਸੰਬਰ ਨੂੰ ਜਾਰੀ ਹੁਕਮਾਂ 'ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਚਾਹੀਦਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਫੈਸਲੇ ਨੂੰ ਤੁਰੰਤ ਲਾਗੂ ਕਰੇ ਅਤੇ ਅਸਤੀਫ਼ਿਆਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰੇ।
ਗਿਆਨੀ ਹਰਪ੍ਰੀਤ ਸਿੰਘ ਜਾਂਚ ਬਾਰੇ ਕੀ ਕਿਹਾ ?
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਜਦੋਂ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਂਚ ਸ਼ੁਰੂ ਹੋਈ ਸੀ ਤਾਂ ਵੀ ਉਨ੍ਹਾਂ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਨਾਲ ਸਬੰਧਤ ਕੇਸਾਂ ਦੀ ਜਾਂਚ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੈ। ਉਨ੍ਹਾਂ ਜਥੇਦਾਰ ਹਰਪ੍ਰੀਤ ਸਿੰਘ ਦਾ ਕੇਸ ਅਕਾਲ ਤਖ਼ਤ ਸਾਹਿਬ ਨੂੰ ਸੌਂਪਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਿੱਖ ਧਰਮ ਦੇ ਮਾਮਲਿਆਂ ਵਿਚ ਸਰਵਉੱਚ ਸੰਸਥਾ ਹੈ ਅਤੇ ਇਸ ਨੂੰ ਨਜ਼ਰਅੰਦਾਜ਼ ਕਰਕੇ ਕੋਈ ਵੀ ਫੈਸਲਾ ਨਹੀਂ ਲੈਣਾ ਚਾਹੀਦਾ।
ਜਗਜੀਤ ਸਿੰਘ ਡੱਲੇਵਾਲ ਬਾਰੇ ਕੀ ਕਿਹਾ ?
ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦੌਰਾਨ ਸਰਕਾਰ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਰਹੀ। ਉਨ੍ਹਾਂ ਕਿਸਾਨਾਂ ਨਾਲ ਕੀਤੇ ਇਸ ਸਲੂਕ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਜਲਦੀ ਤੋਂ ਜਲਦੀ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ |