Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਸੋਸ਼ਲ ਮੀਡੀਆ ’ਤੇ ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸਾਂਝੀਆਂ ਕਰਨ ਕਰਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ, ਜੋ ਸਿੱਧੇ ਤੌਰ ’ਤੇ ਮਨੁੱਖੀ ਅਧਿਕਾਰਾਂ ਅਤੇ ਵਿਚਾਰਾਂ ਦੀ ਅਜ਼ਾਦੀ ਦੇ ਵਿਰੁੱਧ ਹੈ। 



 

ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹੈ ਕਿ ਕਿਸੇ ਵਿਅਕਤੀ ਨੂੰ ਕੋਈ ਜੁਰਮ ਕੀਤੇ ਬਿਨਾਂ ਗ੍ਰਿਫ਼ਤਾਰ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਬੀਤੇ ਦਿਨਾਂ ਤੱਕ ਅੰਮ੍ਰਿਤਪਾਲ ਸਿੰਘ ਇਥੇ ਹੀ ਵਿਚਾਰ ਪ੍ਰਗਟਾਅ ਰਿਹਾ ਸੀ ਉਦੋਂ ਸਰਕਾਰ ਤੇ ਪੁਲਿਸ ਤੰਤਰ ਖਾਮੋਸ਼ ਸੀ, ਤਾਂ ਅੱਜ ਆਮ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸਾਂਝੀਆਂ ਕਰਨ ਕਰਕੇ ਗ੍ਰਿਫ਼ਤਾਰ ਕਰਨਾ ਸਵਾਲ ਪੈਦਾ ਕਰਦਾ ਹੈ। 

 

ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਦੀ ਗ੍ਰਿਫ਼ਤਾਰੀ ਬੇਹੱਦ ਮੰਦਭਾਗੀ ਹੈ, ਜਿਸ ਪ੍ਰਤੀ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਅਜਿਹੀਆਂ ਕਾਰਵਾਈਆਂ ਨਾ ਕੀਤੀਆਂ ਜਾਣ, ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਵੇ।

 


 

ਦੱਸ ਦੇਈਏ ਕਿ ਪੰਜਾਬ ਪੁਲਿਸ ਅਤੇ ਕੌਮੀ ਜਾਂਚ ਏਜੰਸੀ ਐਨਆਈਏ ਨੇ ਬੀਤੇ ਕੱਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਜ਼ਿਲ੍ਹਾ ਅਦਾਲਤ ਕਪੂਰਥਲਾ ਵਿੱਚ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਸੀ। ਪਤਾ ਲੱਗਾ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਬਾਵਕ ਜ਼ਿਲ੍ਹਾ ਹੁਸ਼ਿਆਰਪੁਰ ਨੇ ਫਰਾਰ ਅੰਮ੍ਰਿਤਪਾਲ ਬਾਰੇ ਆਪਣੀ ਫੇਸਬੁੱਕ 'ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਹਰਕਤ ਵਿੱਚ ਆ ਗਈ ਅਤੇ ਵਕੀਲ ਨੂੰ ਹਿਰਾਸਤ ਵਿੱਚ ਲਿਆ ਹੈ।

 

ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ ਅੰਮ੍ਰਿਤਪਾਲ ਨਾਲ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅੰਮ੍ਰਿਤਪਾਲ ਕਿੱਥੇ ਹੈ। ਦੂਜੇ ਪਾਸੇ ਜ਼ਿਲ੍ਹਾ ਕਪੂਰਥਲਾ ਬਾਰ ਐਸੋਸੀਏਸ਼ਨ ਨੇ ਬਿਨਾਂ ਕਿਸੇ ਨੋਟਿਸ ਦੇ ਆਪਣੇ ਵਕੀਲ ਨੂੰ ਹਿਰਾਸਤ ਵਿੱਚ ਲੈਣ ਦਾ ਸਖ਼ਤ ਨੋਟਿਸ ਲਿਆ ਹੈ। ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ।