Amritpal Mother: ਇਸ ਵਜ੍ਹਾ ਕਰਕੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਅਤੇ ਚਾਚੇ ਨੂੰ ਕੀਤਾ ਗ੍ਰਿਫ਼ਤਾਰ, ਸਾਹਮਣੇ ਆਇਆ ਅਸਲ ਕਾਰਨ
Amritpal Mother Arrested: ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਹ ਅਹਿਤਿਆਤ ਵਜੋਂ ਗ੍ਰਿਫ਼ਤਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ
Amritpal Mother Arrested: ਖਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੂੰ ਬੀਤੇ ਦਿਨ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ ਤੋਂ ਇਲਾਵਾ ਉਸ ਦੇ ਚਾਚੇ ਅਤੇ ਤਿੰਨ ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਅੰਮ੍ਰਿਤਸਰ ਦੇ ਡੀਸੀਪੀ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਹ ਅਹਿਤਿਆਤ ਵਜੋਂ ਗ੍ਰਿਫ਼ਤਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਅੰਮ੍ਰਿਤਪਾਲ ਦੀ ਮਾਂ ਨੂੰ 'ਚੇਤਨਾ ਮਾਰਚ' ਕੱਢਣ ਤੋਂ ਇਕ ਦਿਨ ਪਹਿਲਾਂ ਗ੍ਰਿਫਤਾਰ ਕੀਤਾ ਗਿਆ। ਅੰਮ੍ਰਿਤਪਾਲ ਅਤੇ ਉਸਦੇ ਨੌਂ ਸਾਥੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਲਈ 8 ਅਪਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਤੋਂ ਮਾਰਚ ਕੱਢਿਆ ਜਾਣਾ ਸੀ।
ਬਲਵਿੰਦਰ ਕੌਰ ਅਤੇ ਹੋਰ ਕੈਦੀਆਂ ਦੇ ਪਰਿਵਾਰਕ ਮੈਂਬਰ 22 ਫਰਵਰੀ ਤੋਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਭੁੱਖ ਹੜਤਾਲ 'ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅੰਮ੍ਰਿਤਪਾਲ ਅਤੇ ਹੋਰ ਕੈਦੀਆਂ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਹਲਾਂਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਜੇਲ੍ਹ ਵਿੱਚ 35 ਦਿਨਾਂ ਬਾਅਦ ਭੁੱਖ ਹੜਤਾਲ ਬੰਦ ਕੀਤੀ ਗਈ ਸੀ।
ਇਸ ਦੇ ਨਾਲ ਹੀ ਅੰਮ੍ਰਿਤਪਾਲ ਦੀ ਮਾਂ ਅਤੇ ਹੋਰ ਲੋਕਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵੀ ਸਿਆਸਤ ਸ਼ੁਰੂ ਹੋ ਗਈ ਹੈ। ਅਕਾਲੀ ਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਮਾਤਾ ਅਤੇ ਮਾਰਚ ਕੱਢਣ ਵਾਲੇ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਨਿੰਦਣਯੋਗ ਹੈ।
ਅੰਮ੍ਰਿਤਪਾਲ ਅਤੇ ਉਸ ਦੇ ਨੌਂ ਸਾਥੀ ਦਲਜੀਤ ਸਿੰਘ ਕਲਸੀ, ਪੱਪਲਪ੍ਰੀਤ ਸਿੰਘ, ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਾਵਾਲਾ, ਹਰਜੀਤ ਸਿੰਘ, ਭਗਵੰਤ ਸਿੰਘ, ਬਸੰਤ ਸਿੰਘ ਅਤੇ ਗੁਰਿੰਦਰਪਾਲ ਸਿੰਘ ਔਜਲਾ ਕਰੀਬ ਇੱਕ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਸਾਰਿਆਂ ਨੂੰ ਪਿਛਲੇ ਸਾਲ ਅਪ੍ਰੈਲ 'ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਨੇ ਇਹ ਐਨਐਸਏ ਇੱਕ ਸਾਲ ਲਈ ਹੋਰ ਵਧਾ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ?
ਪਿਛਲੇ ਸਾਲ 23 ਫਰਵਰੀ ਨੂੰ ਅੰਮ੍ਰਿਤਪਾਲ ਅਤੇ ਉਸ ਦੀ ਸੰਸਥਾ ਵਾਰਿਸ ਪੰਜਾਬ ਦੇ ਨਾਲ ਜੁੜੇ ਲੋਕਾਂ ਨੇ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਸੀ। ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਦੇ ਹੱਥਾਂ ਵਿੱਚ ਤਲਵਾਰਾਂ, ਡੰਡੇ ਅਤੇ ਸੋਟੀਆਂ ਸਨ। ਇਹ ਸਾਰਾ ਹੰਗਾਮਾ ਅੱਠ ਘੰਟੇ ਚੱਲਿਆ। ਇਹ ਹੰਗਾਮਾ ਅੰਮ੍ਰਿਤਪਾਲ ਦੇ ਸਮਰਥਕ ਲਵਪ੍ਰੀਤ ਤੂਫਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹੋਇਆ।
ਲਵਪ੍ਰੀਤ ਤੂਫਾਨ ਨੂੰ ਪੁਲਿਸ ਨੇ ਬਰਿੰਦਰ ਸਿੰਘ ਨਾਮਕ ਵਿਅਕਤੀ ਨੂੰ ਅਗਵਾ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਸੀ। ਹਾਲਾਂਕਿ ਹੰਗਾਮੇ ਤੋਂ ਬਾਅਦ ਪੁਲਸ ਨੇ ਉਸ ਨੂੰ ਛੱਡ ਦਿੱਤਾ। ਪੁਲੀਸ ਨੇ ਇਸ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਸੀ। ਇਸ ਤੋਂ ਬਾਅਦ ਅੰਮ੍ਰਿਤਪਾਲ ਦੇ ਕਈ ਸਾਥੀ ਫੜੇ ਗਏ ਪਰ ਉਹ ਕਈ ਦਿਨਾਂ ਤੱਕ ਫਰਾਰ ਰਿਹਾ।
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਵੀ ਲਗਾਇਆ ਸੀ। ਇਸ ਘਟਨਾ ਤੋਂ ਕਰੀਬ ਦੋ ਮਹੀਨੇ ਬਾਅਦ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਖਿਲਾਫ ਕਈ ਮਾਮਲੇ ਦਰਜ ਹਨ।