Amritpal Singh News: ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਅਧੀਨ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਦੀ ਚੋਣ ਲੜਨ ਦੇ ਐਲਾਨ ਨੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੇ ਜਾਣ ਨਾਲ ਨਾ ਸਿਰਫ ਖਡੂਰ ਸਾਹਿਬ ਹਲਕੇ ਸਗੋਂ ਪੂਰੇ ਪੰਜਾਬ ਵਿੱਚ ਸਿਆਸੀ ਅਸਰ ਵੇਖਣ ਨੂੰ ਮਿਲੇਗਾ।



ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੇ ਜਾਣ ਦੇ ਐਲਾਨ ਤੋਂ ਬਾਅਦ ਕੇਂਦਰ ਤੇ ਸੂਬਾ ਸਰਕਾਰ ਦੀਆਂ ਸੂਹੀਆ ਏਜੰਸੀਆਂ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਸਿਆਸੀ ਪਾਰਟੀਆਂ ਵੀ ਇਸ ਬਾਰੇ ਮੁਲਾਂਕਣ ਕਰਨ ਲੱਗੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਝਟਕਾ ਲੱਗ ਸਕਦਾ ਹੈ।



ਦਰਅਸਲ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜਨ ਦੇ ਐਲਾਨ ਨਾਲ ਅਕਾਲੀ ਤੇ ਖਾਸ ਕਰਕੇ ਪੰਥਕ ਹਲਕਿਆਂ ਅੰਦਰ ਚਰਚਾ ਛਿੜ ਗਈ ਹੈ। ਕੁਝ ਧਿਰਾਂ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਔਖੀ ਸਥਿਤੀ ਬਣ ਗਈ ਹੈ। ਅਕਾਲੀ ਦਲ ਆਪਣਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਹੈ। ਚਰਚਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਪਾਲ ਸਿੰਘ ਨੂੰ ਹਮਾਇਤ ਦੇ ਸਕਦਾ ਹੈ ਪਰ ਹੁਣ ਇਸ ਪੰਥਕ ਪਾਰਟੀ ਨੇ ਮੈਦਾਨ ਵਿੱਚ ਡਟਣਾ ਹੀ ਸਹੀ ਸਮਝਿਆ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜਾਂ ਫਿਰ ਉਨ੍ਹਾਂ ਦੇ ਪਰਿਵਾਰ ਨੇ ਅਕਾਲੀ ਦਲ ਨਾਲ ਨਾ ਤਾਂ ਕੋਈ ਸਲਾਹ ਮਸ਼ਵਰਾ ਕੀਤਾ ਹੈ ਤੇ ਨਾ ਹੀ ਪਾਰਟੀ ਤੋਂ ਸਮਰਥਨ ਦੀ ਮੰਗ ਕੀਤੀ ਹੈ। ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਦੇ ਫੈਸਲੇ ਨਾਲ ਕੋਈ ਵਾਹ-ਵਾਸਤਾ ਨਹੀਂ।



ਉਧਰ, ਇਸ ਹਲਕੇ ਤੋਂ ਸੱਤਾ ਧਿਰ ਆਮ ਆਦਮੀ ਪਾਰਟੀ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਚੋਣ ਨਾਲ ਉਨ੍ਹਾਂ ਨੂੰ ਕੋਈ ਬਹੁਤਾ ਫਰਕ ਨਹੀਂ ਪੈਣਾ ਕਿਉਂਕਿ ‘ਆਪ’ ਦੀ ਅੰਮ੍ਰਿਤਪਾਲ ਸਿੰਘ ਦੀ ਵਿਚਾਰਧਾਰਾ ਨਾਲ ਕਿਸੇ ਕਿਸਮ ਦੀ ਸਾਂਝ ਨਹੀਂ। ਦੂਜੇ ਪਾਸੇ ਗਰਮ ਖਿਆਲੀਆਂ ਦਾ ਦਾਅਵਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਮੀ ਨਾਲ ਹੀ ਅੰਮ੍ਰਿਤਪਾਲ ਸਿੰਘ ਉਪਰ ਐਨਐਸਏ ਲਾਇਆ ਗਿਆ ਸੀ। ਇਸ ਲਈ ਸੱਤਾਧਿਰ ਨੂੰ ਸਬਕ ਸਿਖਾਇਆ ਜਾਏਗਾ।



ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ (ਅੰਮ੍ਰਿਤਸਰ) ਦੇ ਬੁਲਾਰੇ ਬੇਅੰਤ ਸਿੰਘ ਸੰਧੂ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਇਸ ਧਿਰ ਵੱਲੋਂ ਪਾਰਟੀ ਦੇ ਜ਼ਿਲ੍ਹਾ ਆਗੂ ਹਰਪਾਲ ਸਿੰਘ ਬਲੇਰ ਨੂੰ ਪਹਿਲਾਂ ਹੀ ਉਮੀਦਵਾਰ ਐਲਾਨ ਦਿੱਤਾ ਸੀ।



ਇਸ ਦੇ ਨਾਲ ਹੀ ਇਲਾਕੇ ਦੇ ਗਰਮਖਿਆਲੀ ਬਾਬਾ ਗੁਰਬਚਨ ਸਿੰਘ ਮਾਨੋਚਾਹਲ ਦੇ ਭਰਾ ਤਰਲੋਚਨ ਸਿੰਘ ਮਾਨੋਚਾਹਲ ਨੇ ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਲਈ ਚੋਣ ਜਿਤਾਉਣਾ ਜ਼ਰੂਰੀ ਹੈ। 



ਜੇਕਰ ਕਾਂਗਰਸ ਤੇ ਬੀਜੇਪੀ ਦੀ ਗੱਲ ਕਰੀਏ ਤਾਂ ਦੋਵਾਂ ਪਾਰਟੀਆਂ ਨੂੰ ਸਿੱਧੇ ਤੌਰ ਉਪਰ ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨਾਲ ਕੋਈ ਵੱਡਾ ਫਰਕ ਨਹੀਂ ਪਵੇਗਾ। ਉਂਝ ਬੀਜੇਪੀ ਦੀ ਵਿਰੋਧੀ ਵੋਟ ਕਾਂਗਰਸ ਦੀ ਬਜਾਏ ਅੰਮ੍ਰਿਤਪਾਲ ਸਿੰਘ ਵੱਲ਼ ਖਿਸਕ ਸਕਦੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਦਾ ਜ਼ਿਆਦਾ ਅਸਰ ਨਹੀਂ ਹੋਏਗਾ।