Punjab Politics: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਹਲਕਾ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਵਾਪਸ ਲੈ ਲਿਆ ਹੈ ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਅਕਾਲੀ ਦਲ ਅੰਮ੍ਰਿਤਸਰ ਦਾ ਧੰਨਵਾਦ ਕੀਤਾ ਗਿਆ ਹੈ। ਇਸ ਮੌਕੇ ਪਰਿਵਾਰ ਵਾਲਿਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ।
ਜ਼ਿਕਰ ਕਰ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਦੇ ਚੋਣ ਲੜਨ ਕਰਕੇ ਆਪਣਾ ਉਮੀਦਵਾਰ ਨਾ ਖੜ੍ਹਾਉਣ ਦਾ ਐਲਾਨ ਕੀਤਾ ਹੈ। ਮਾਨ ਨੇ ਅੱਜ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰ ਹਰਪਾਲ ਸਿੰਘ ਬਲੇਰ ਦਾ ਨਾਮ ਵਾਪਸ ਲੈ ਲਿਆ ਹੈ।
ਸਭ ਜਾਣਦੇ ਹੀ ਹਨ ਕਿ ਖਡੂਰ ਸਾਹਿਬ ਪੰਜਾਬ ਦੀ ਪੰਥਕ ਸੀਟ ਹੈ ਤੇ ਇੱਥੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ NSA ਤਹਿਤ ਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੂੰ ਪਿਛਲੇ ਸਾਲ ਅਪ੍ਰੈਲ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਲਗਾਇਆ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਜਿਸ ਕਰਕੇ ਹੁਣ ਪਰਿਵਾਰ ਦੀ ਹਿਮਾਇਤ ਲੈਣ ਲਈ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।
ਵਲਟੋਹਾ ਨੇ ਫੇਸਬੁੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ...ਅੱਜ ਤੜਕੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਰਿਵਾਰ ਉਨ੍ਹਾਂ ਦੇ ਮਾਤਾ ਜੀ ਬੀਬੀ ਬਲਵਿੰਦਰ ਕੌਰ, ਪਿਤਾ ਜੀ ਸ. ਤਰਸੇਮ ਸਿੰਘ ਤੇ ਉਨ੍ਹਾਂ ਦੇ ਚਾਚਾ ਜੀ ਨਾਲ ਵਿਰਾਸਤੀ ਮਾਰਗ ਸ਼੍ਰੀ ਅੰਮ੍ਰਿਤਸਰ ਵਿਖੇ ਚੱਲ ਰਹੇ ਧਰਨੇ ਵਾਲੇ ਸਥਾਨ 'ਤੇ ਮੁਲਾਕਾਤ ਕੀਤੀ। ਸ. ਵਲਟੋਹਾ ਨੇ ਪਰਿਵਾਰ ਨਾਲ ਮੌਜੂਦਾ ਲੋਕ ਸਭਾ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ। ਮੁਲਾਕਾਤ ਬੜੇ ਹੀ ਵਧੀਆ ਮਾਹੌਲ ਵਿੱਚ ਹੋਈ। ਸ. ਵਲਟੋਹਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮੌਜੂਦਾ ਚੋਣਾਂ ਵਿੱਚ ਸਹਿਯੋਗ ਦੇਣ ਸਬੰਧੀ ਵੀ ਬੇਨਤੀ ਕੀਤੀ।