ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਚੱਲ ਰਹੀ ਭੁੱਖ ਹੜਤਾਲ ਅੱਜ ਸਮਾਪਤ ਕਰ ਦਿੱਤੀ ਗਈ ਹਾਲਾਂਕਿ ਧਰਨਾ ਜਾਰੀ ਰਹੇਗਾ। ਸੰਗਤਾਂ ਦੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਾਂ ਤੋਂ ਬਾਅਦ ਇਹ ਹੜਤਾਲ ਸਮਾਪਤ ਕੀਤੀ ਗਈ। ਅੰਮ੍ਰਿਤਪਾਲ ਦਾ ਪਰਿਵਾਰ 22 ਫਰਵਰੀ ਤੋਂ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਤੇ ਭੁੱਖ ਹੜਤਾਲ 'ਤੇ ਸੀ। ਪਰਿਵਾਰ ਵੱਲੋਂ ਐਤਵਾਰ ਨੂੰ ਪੰਥਕ ਇਕੱਠ ਲਈ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹਜ਼ਾਰਾਂ ਲੋਕ ਧਰਨੇ 'ਤੇ ਆ ਗਏ।


ਜਿੱਥੇ ਸੰਗਤ ਨੇ ਪਰਿਵਾਰ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਮੰਗ ਕੀਤੀ। ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮੰਗ ਕੀਤੀ ਗਈ ਕਿ ਪਰਿਵਾਰ ਦੀ ਭੁੱਖ ਹੜਤਾਲ ਖ਼ਤਮ ਕੀਤੀ ਜਾਵੇ ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਪਰਿਵਾਰ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪ੍ਰਸ਼ਾਦ ਛਕ ਕੇ ਭੁੱਖ ਹੜਤਾਲ ਸਮਾਪਤ ਕਰ ਦਿੱਤੀ |


ਕਿਉਂ ਸ਼ੁਰੂ ਕੀਤੀ ਸੀ ਭੁੱਖ ਹੜਤਾਲ


ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਆਪਣੀ ਬੈਰਕ ਵਿੱਚ ਸੀਸੀਟੀਵੀ ਕੈਮਰਿਆਂ ਦੀ ਖ਼ਬਰ ਤੋਂ ਬਾਅਦ ਭੁੱਖ ਹੜਤਾਲ ’ਤੇ ਹਨ। ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਅਤੇ ਫਿਰ ਉਸਦੇ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।


ਭੁੱਖ ਹੜਤਾਲ ਖਤਮ, ਧਰਨਾ ਰਹੇਗਾ ਜਾਰੀ


ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਪਰਿਵਾਰ ਵੱਲੋਂ ਦਿੱਤਾ ਗਿਆ ਧਰਨਾ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਤ ਦੀਆਂ ਮੰਗਾਂ ਮੰਨ ਕੇ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ ਹੈ ਪਰ ਧਰਨਾ ਖਤਮ ਕਰਨ ਲਈ ਸੰਗਤ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ।


ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਿੰਘ ਦੀ ਭੁੱਖ ਹੜਤਾਲ ਖਤਮ ਕਰਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਗੁਰੂ ਸਾਹਿਬਾਨ ਦਾ ਜਥਾ ਭੇਜਣ ਦੀ ਅਪੀਲ ਕੀਤੀ। ਅੰਮ੍ਰਿਤਪਾਲ ਦੀ ਮਾਤਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਸਰਵਉੱਚ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਬੰਦੀ ਸਿੰਘ ਵੀ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਗੇ।