Punjab News: ਅੰਮ੍ਰਿਤਸਰ ਵਿੱਚ ਐਤਵਾਰ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਇੱਕ ਨੌਜਵਾਨ ਨੇ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੇ ਬੁੱਤ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ। ਉਸਨੇ ਬੁੱਤ ਦੇ ਨੇੜੇ ਸਥਿਤ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਲਿਆ ਤੇ ਉਸਦੀ ਕੁੱਟਮਾਰ ਕੀਤੀ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।


ਇਹ ਘਟਨਾ ਹੈਰੀਟੇਜ ਸਟਰੀਟ 'ਤੇ ਵਾਪਰੀ, ਜੋ ਕਿ ਪੁਲਿਸ ਸਟੇਸ਼ਨ ਤੋਂ ਲਗਭਗ 150 ਮੀਟਰ ਦੀ ਦੂਰੀ 'ਤੇ ਹੈ। ਮੁਲਜ਼ਮ ਦੀ ਪਛਾਣ ਆਕਾਸ਼ਦੀਪ ਵਜੋਂ ਹੋਈ ਹੈ, ਜੋ ਕਿ ਧਰਮਕੋਟ, ਮੋਗਾ ਦਾ ਰਹਿਣ ਵਾਲਾ ਹੈ। ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਦੋਸ਼ੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।






ਅੰਮ੍ਰਿਤਸਰ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਐਫਆਈਆਰ ਨੰਬਰ ਛੇ ਦਰਜ ਕਰ ਲਈ ਗਈ ਹੈ। ਮਾਮਲੇ ਵਿੱਚ ਸਭ ਤੋਂ ਸਖ਼ਤ ਧਾਰਾਵਾਂ ਲਗਾਈਆਂ ਗਈਆਂ ਹਨ। ਮੁਲਜ਼ਮਾਂ ਤੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਇਸਦੀ ਵਿਗਿਆਨਕ ਜਾਂਚ ਕੀਤੀ ਜਾ ਰਹੀ ਹੈ। ਸਾਰੀਆਂ ਚੀਜ਼ਾਂ 'ਤੇ ਕੰਮ ਕੀਤਾ ਜਾ ਰਿਹਾ ਹੈ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ।


ਦੂਜੇ ਪਾਸੇ, ਅੱਜ ਸੋਮਵਾਰ ਨੂੰ ਦਲਿਤ ਭਾਈਚਾਰੇ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੋਕਾਂ ਨੇ ਭੰਡਾਰੀ ਪੁਲ ਬੰਦ ਕਰ ਦਿੱਤਾ ਹੈ। ਦੁਕਾਨਦਾਰਾਂ ਨੇ ਇਸ ਘਟਨਾ ਦੇ ਵਿਰੋਧ ਵਿੱਚ ਵਾਲ ਸਿਟੀ ਮਾਰਕੀਟ ਵੀ ਬੰਦ ਰੱਖੀ ਹੈ। ਹਾਲਾਂਕਿ, ਸਕੂਲ ਅਤੇ ਕਾਲਜ ਖੁੱਲੇ ਹਨ।


ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 'ਇਸ ਘਟਨਾ ਲਈ ਕਿਸੇ ਨੂੰ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।