Amritsar News: ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਉੱਪਰ ਡਾਕਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਗ੍ਰਿਫਤਾਰੀ ਦੀ ਨਿਖੇਧੀ ਵੀ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਭੈਅ ਦਾ ਮਾਹੌਲ ਬਣਾਉਣ ਤੋਂ ਗ਼ੁਰੇਜ਼ ਕਰੇ ਤੇ ਸੰਗਤਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਵੇ।
ਦੱਸ ਦਈਏ ਕਿ ਖਾਲਿਸਤਾਨੀ ਸਮਰਥਕ ਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਚੇਤਨਾ ਮਾਰਚ ਕੱਢਿਆ ਜਾ ਰਿਹਾ ਹੈ। ਇਸ ਲਈ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ ਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਦਰਅਸਲ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਬਠਿੰਡਾ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਇਹ ਚੇਤਨਾ ਮਾਰਚ ਕੱਢਿਆ ਜਾਣਾ ਹੈ। ਪ੍ਰਸ਼ਾਸਨ ਵੱਲੋਂ ਇਸ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਮਾਤਾ ਆਪਣੇ ਸਮਰਥਕਾਂ ਨਾਲ ਚੇਤਨਾ ਮਾਰਚ ਲਈ ਬਠਿੰਡਾ ਪਹੁੰਚ ਗਏ।
ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੀ ਮਾਤਾ, ਚਾਚਾ ਤੇ 4 ਹੋਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਫੜ ਕੇ 4 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।