Amritsar News: ਅੰਮ੍ਰਿਤਸਰ ਦੇ ਦਰਸ਼ਨ ਐਵੇਨਿਊ ਇਲਾਕੇ ਵਿੱਚ ਕੁਝ ਵਿਅਕਤੀਆਂ ਵੱਲੋਂ ਜਾਅਲੀ ਪਾਵਰ ਆਫ ਅਟਾਰਨੀ ਬਣਾ ਕੇ ਪਰਵਾਸੀ ਭਾਰਤੀ ਦੇ ਪਲਾਟ ’ਤੇ ਨਾਜਾਇਜ਼ ਕਬਜ਼ਾ ਕਰਨ ਦੇ ਯਤਨ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰੋਕ ਦਿੱਤਾ। ਮੰਤਰੀ ਦੇ ਇਸ ਐਕਸ਼ਨ ਦੀ ਸੋਸ਼ਲ ਮੀਡੀਆ ਉਪਰ ਕਾਫੀ ਪ੍ਰਸੰਸਾ ਹੋ ਰਹੀ ਹੈ।
ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਮਿਲੀ ਸੀ ਕਿ ਕੁਝ ਵਿਅਕਤੀ ਪਰਵਾਸੀ ਭਾਰਤੀ ਦੀ ਜਾਇਦਾਦ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਹ ਖੁਦ ਮੌਕੇ ’ਤੇ ਪੁੱਜੇ ਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਸੱਦ ਕੇ ਫੌਰੀ ਤੌਰ ’ਤੇ ਕਾਨੂੰਨੀ ਕਾਰਵਾਈ ਕਰਨ ਲਈ ਆਦੇਸ਼ ਵੀ ਦਿੱਤੇ।
ਉਨ੍ਹਾਂ ਦੱਸਿਆ ਕਿ ਪਰਵਾਸੀ ਭਾਰਤੀ ਸੁਦਰਸ਼ਨ ਸਿੰਘ, ਡਾ. ਗੁਰਦਰਸ਼ਨ ਕੌਰ ਵਾਸੀ ਇੰਗਲੈਡ ਤੇ ਰਵੀਦਰਸ਼ਨ ਸਿੰਘ ਵਾਸੀ ਕੈਨੇਡਾ ਦਾ 325 ਗਜ਼ ਪਲਾਟ ਹੈ। ਇਸ ’ਤੇ ਨਾਜਾਇਜ਼ ਕਬਜ਼ਾ ਕਰਨ ਲਈ ਕੁਝ ਵਿਅਕਤੀਆਂ ਵੱਲੋਂ ਕਥਿਤ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕੀਤੀ ਹੋਈ ਸੀ।
ਉਨ੍ਹਾਂ ਕਿਹਾ ਕਿ ਜਦ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਹ ਮਾਲ ਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ’ਤੇ ਪੁੱਜ ਗਏ। ਇਸ ਮਾਮਲੇ ਵਿਚ ਪਲਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਨੂੰ ਰੋਕਦਿਆਂ ਉਨ੍ਹਾਂ ਜਾਅਲੀ ਪਾਵਰ ਆਫ ਅਟਾਰਨੀ ਤਿਆਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਆਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਕਿਸੇ ਵੀ ਪਰਵਾਸੀ ਦੀਆਂ ਜਾਇਦਾਦਾਂ ’ਤੇ ਨਾਜ਼ਾਇਜ਼ ਕਬਜ਼ੇ ਨਹੀਂ ਹੋਣ ਦੇਵੇਗੀ। ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਦਾ ਹੱਲ ਕਰਨ ਵਾਸਤੇ ਇੱਕ ਵਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਇਸ ਨੰਬਰ ’ਤੇ ਪ੍ਰਾਪਤ ਹੋਈ ਸ਼ਿਕਾਇਤ ਸਬੰਧਤ ਅਧਿਕਾਰੀ ਤੱਕ ਪਹੁੰਚਾਈ ਜਾਵੇਗੀ ਤੇ ਸ਼ਿਕਾਇਤ ਸਬੰਧੀ ਕੀਤੀ ਕਾਰਵਾਈ ਦੀ ਜਾਣਕਾਰੀ ਵੀ ਸਬੰਧਤ ਪਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ।