(Source: ECI/ABP News)
Amritsar News: ਅਮਿਤ ਸ਼ਾਹ ਨਾਲ ਮੀਟਿੰਗ 'ਚ ਪੂਰੀ ਤਿਆਰੀ ਨਾਲ ਪਹੁੰਚੇ ਸੀਐਮ ਭਗਵੰਤ ਮਾਨ, ਇੱਕ-ਇੱਕ ਅੰਕੜਾ ਪੇਸ਼ ਕਰ ਦੱਸ ਦਿੱਤਾ ਪੰਜਾਬ ਦਾ ਹਾਲ
Amit Shah and CM Mann: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮਸਲੇ ਜ਼ੋਰਦਾਰ ਢੰਗ ਨਾਲ ਰੱਖੇ।
![Amritsar News: ਅਮਿਤ ਸ਼ਾਹ ਨਾਲ ਮੀਟਿੰਗ 'ਚ ਪੂਰੀ ਤਿਆਰੀ ਨਾਲ ਪਹੁੰਚੇ ਸੀਐਮ ਭਗਵੰਤ ਮਾਨ, ਇੱਕ-ਇੱਕ ਅੰਕੜਾ ਪੇਸ਼ ਕਰ ਦੱਸ ਦਿੱਤਾ ਪੰਜਾਬ ਦਾ ਹਾਲ Amritsar News: CM Bhagwant Mann arrived fully prepared in the meeting with Amit Shah, presented state of Punjab one by one Amritsar News: ਅਮਿਤ ਸ਼ਾਹ ਨਾਲ ਮੀਟਿੰਗ 'ਚ ਪੂਰੀ ਤਿਆਰੀ ਨਾਲ ਪਹੁੰਚੇ ਸੀਐਮ ਭਗਵੰਤ ਮਾਨ, ਇੱਕ-ਇੱਕ ਅੰਕੜਾ ਪੇਸ਼ ਕਰ ਦੱਸ ਦਿੱਤਾ ਪੰਜਾਬ ਦਾ ਹਾਲ](https://feeds.abplive.com/onecms/images/uploaded-images/2023/09/27/d293b3ea2e25bbc5238352446b996dae1695789656153700_original.jpg?impolicy=abp_cdn&imwidth=1200&height=675)
Amritsar News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਈ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮਸਲੇ ਜ਼ੋਰਦਾਰ ਢੰਗ ਨਾਲ ਰੱਖੇ। ਮੁੱਖ ਮੰਤਰੀ ਨੇ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਉਸਾਰੀ ਬਾਰੇ ਜਿੱਥੇ ਕੋਰੀ ਨਾਂਹ ਕੀਤੀ, ਉੱਥੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕੀਤੀ। ਉਨ੍ਹਾਂ ਤਰਕ ਨਾਲ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਹੋਰ ਸੂਬਿਆਂ ਨੂੰ ਦੇਣ ਤੋਂ ਨਾਂਹ ਕਰਦਿਆ ਪੇਂਡੂ ਵਿਕਾਸ ਫੰਡ (ਆਰਡੀਐਫ) ਤੁਰੰਤ ਜਾਰੀ ਕਰਨ ਦੀ ਮੰਗ ਰੱਖੀ।
ਉਨ੍ਹਾਂ ਬੀਬੀਐਮਬੀ ਤੇ ਪੰਜਾਬ ਯੂਨੀਵਰਸਿਟੀ ਦੇ ਸਰੂਪ ਵਿੱਚ ਬਦਲਾਅ ਕਰਨ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਵਿਰੋਧ ਕੀਤਾ। ਉਨ੍ਹਾਂ ਨੇ ਸੂਬੇ ਨੂੰ ਹੋਰ ਵਿੱਤੀ ਸ਼ਕਤੀਆਂ ਦੇਣ ਦੀ ਮੰਗ ਵੀ ਕੀਤੀ। ਇਸੇ ਤਰ੍ਹਾਂ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨੇ ਆਪੋ-ਆਪਣੇ ਸੂਬੇ ਨਾਲ ਸਬੰਧਤ ਮੰਗਾਂ ਕੇਂਦਰੀ ਗ੍ਰਹਿ ਮੰਤਰੀ ਅੱਗੇ ਰੱਖੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੈਠਕ ਦੌਰਾਨ ਸਪਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਸਗੋਂ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈਐੱਸਐੱਲ) ਦੇ ਪ੍ਰਾਜੈਕਟ ਉਤੇ ਸੋਚ ਵਿਚਾਰ ਕਰਨੀ ਚਾਹੀਦੀ ਹੈ। ਪੰਜਾਬ ਨੂੰ ਸਤਲੁਜ ਦਰਿਆ ਰਾਹੀਂ ਗੰਗਾ ਤੇ ਯਮੁਨਾ ਤੋਂ ਪਾਣੀ ਦੀ ਸਪਲਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਐੱਸਵਾਈਐੱਲ ਨਹਿਰ ਪੰਜਾਬ ਲਈ ਬਹੁਤ ਹੀ ‘ਜਜ਼ਬਾਤੀ ਮਸਲਾ’ ਹੈ। ਇਸ ਨਹਿਰ ਦੀ ਉਸਾਰੀ ਨਾਲ ਅਮਨ-ਕਾਨੂੰਨ ਦੀ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ ਤੇ ਇਹ ਇਕ ਕੌਮੀ ਸਮੱਸਿਆ ਬਣ ਜਾਵੇਗੀ, ਜਿਸ ਦਾ ਪ੍ਰਭਾਵ ਹਰਿਆਣਾ ਤੇ ਰਾਜਸਥਾਨ ਵੀ ਭੁਗਤਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹਰਿਆਣਾ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਤੇ ਕੌਮਾਂਤਰੀ ਨੇਮਾਂ ਅਨੁਸਾਰ ਪਾਣੀ ਦੀ ਮੌਜੂਦਗੀ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾ ਦੇ ਪਾਣੀਆਂ ਸਮੇਤ ਨਵੀਆਂ ਸ਼ਰਤਾਂ ਤੇ ਬਦਲੇ ਹੋਏ ਹਾਲਾਤ ਅਨੁਸਾਰ ਨਵੇਂ ਟ੍ਰਿਬਿਊਨਲ ਦੀ ਸਥਾਪਨਾ ਕਰਨਾ ਹੀ ਪਾਣੀਆਂ ਦੇ ਵਿਵਾਦ ਦਾ ਇੱਕੋ-ਇੱਕ ਹੱਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 76.5% ਬਲਾਕਾਂ (153 ਵਿੱਚੋਂ 117) ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦਾ ਪੱਧਰ 100 ਫੀਸਦੀ ਤੋਂ ਵੱਧ ਹੈ, ਜਦੋਂਕਿ ਹਰਿਆਣਾ ਵਿੱਚ 61.5 ਫੀਸਦੀ (143 ਵਿੱਚੋਂ 88) ਬਲਾਕ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਰਾਵੀ ਤੇ ਬਿਆਸ ਦਰਿਆਵਾਂ ਵਾਂਗ ਯਮੁਨਾ ਨਦੀ ਵੀ ਪੁਨਰਗਠਨ ਤੋਂ ਪਹਿਲਾਂ ਪੁਰਾਣੇ ਪੰਜਾਬ ਵਿੱਚੋਂ ਵਗਦੀ ਸੀ।
ਇਸ ਲਈ ਯਮੁਨਾ ਦੇ ਪਾਣੀਆਂ ਦੀ ਵੰਡ ਲਈ ਗੱਲਬਾਤ ਵਿੱਚ ਪੰਜਾਬ ਸਹਿਯੋਗ ਲਈ ਅਪੀਲ ਕਰਦਾ ਆ ਰਿਹਾ ਹੈ, ਪਰ ਪੰਜਾਬ ਦੀ ਇਸ ਮੰਗ ਨੂੰ ਇਸ ਆਧਾਰ ’ਤੇ ਨਹੀਂ ਮੰਨਿਆ ਗਿਆ ਕਿ ਪੰਜਾਬ ਦਾ ਕੋਈ ਭੂਗੋਲਿਕ ਖੇਤਰ ਯਮੁਨਾ ਬੇਸਿਨ ਵਿੱਚ ਨਹੀਂ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹੀ ਅਧਾਰ ਹੈ ਤਾਂ ਹਰਿਆਣਾ ਵੀ ਰਾਵੀ ਤੇ ਬਿਆਸ ਦਰਿਆਵਾਂ ਦਾ ਬੇਸਿਨ ਸੂਬਾ ਨਹੀਂ ਹੈ, ਪਰ ਪੰਜਾਬ ਨੂੰ ਇਨ੍ਹਾਂ ਦਰਿਆਵਾਂ ਦਾ ਪਾਣੀ ਹਰਿਆਣਾ ਨਾਲ ਸਾਂਝਾ ਕਰਨ ਲਈ ਮਜਬੂਰ ਕੀਤਾ ਗਿਆ।
ਪਾਕਿਸਤਾਨ ਨੂੰ ਅਜਾਈਂ ਜਾਂਦੇ ਉੱਜ ਅਤੇ ਰਾਵੀ ਦਰਿਆਵਾਂ ਦੇ ਪਾਣੀ ਦੀ ਵਰਤੋਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਪੁਰਾਣੀ ਤਜਵੀਜ਼ ਕਿ ਰਾਵੀ ਦਰਿਆ ਦੇ ਨਾਲ-ਨਾਲ ਬੈਰਾਜ ਦਾ ਨਿਰਮਾਣ ਕੀਤਾ ਜਾਵੇ, ਦਾ ਹਵਾਲਾ ਦਿੱਤਾ। ਮੁੱਖ ਮੰਤਰੀ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਵਿੱਚ ਰਾਜਸਥਾਨ ਨੂੰ ਮੈਂਬਰ ਨਿਯੁਕਤ ਕਰਨ ਦੀ ਮੰਗ ਦਾ ਜ਼ੋਰਦਾਰ ਵਿਰੋਧ ਕੀਤਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਪੁਨਰਗਠਨ ਐਕਟ 1966 ਦੀਆਂ ਤਜਵੀਜ਼ਾਂ ਅਧੀਨ ਬੀ.ਬੀ.ਐਮ.ਬੀ. ਦਾ ਗਠਨ ਹੋਇਆ ਅਤੇ ਇਹ ਐਕਟ ਮੁੱਢਲੇ ਤੌਰ ਉਤੇ ਦੋ ਉੱਤਰਾਧਿਕਾਰੀ ਰਾਜਾਂ ਪੰਜਾਬ ਤੇ ਹਰਿਆਣਾ ਦੇ ਮਸਲਿਆਂ ਬਾਰੇ ਹੈ। ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਨਾਲ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਜਾਂ ਕਿਸੇ ਹੋਰ ਸੂਬੇ ਦਾ ਕੋਈ ਸਰੋਕਾਰ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੀ ਮਲਕੀਅਤ ਦੇ ਸਬੰਧ ਵਿੱਚ ਲਿਆ ਗਿਆ ਕੋਈ ਵੀ ਹੋਰ ਸਟੈਂਡ ਐਕਟ ਦੇ ਉਲਟ ਹੋਵੇਗਾ ਅਤੇ ਪੰਜਾਬ ਤੇ ਇਸ ਦੇ ਲੋਕਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੋਵੇਗੀ। ਮੁੱਖ ਮੰਤਰੀ ਨੇ ਬੀ.ਬੀ.ਐਮ.ਬੀ. ਵਿੱਚ ਸਿੰਚਾਈ ਅਤੇ ਊਰਜਾ ਦੇ ਮੈਂਬਰਾਂ ਦੀਆਂ ਅਸਾਮੀਆਂ ਸਿੱਧੇ ਤੌਰ ਉਤੇ ਖੁੱਲ੍ਹੀ ਭਰਤੀ ਰਾਹੀਂ ਭਰਨ ਦੇ ਕਦਮ ਦਾ ਵੀ ਸਖ਼ਤ ਵਿਰੋਧ ਕੀਤਾ।
ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰੀ ਊਰਜਾ ਮੰਤਰਾਲੇ ਨੂੰ ਬੀ.ਬੀ.ਐਮ.ਬੀ ਦਾ ਪੱਕਾ ਚੇਅਰਮੈਨ ਨਿਯੁਕਤ ਕਰਨ ਲਈ ਕੇਂਦਰੀ ਊਰਜਾ ਮੰਤਰਾਲੇ ਨੂੰ ਹਦਾਇਤ ਦੇਣ ਕਿਉਂਕਿ ਇਹ ਸੰਸਥਾ ਚੇਅਰਮੈਨ ਅਤੇ ਮੈਂਬਰਾਂ ਦੀ ਪੱਕੀ ਨਿਯੁਕਤੀ ਦੀ ਅਣਹੋਂਦ ਵਿੱਚ ਵਾਧੂ ਜ਼ਿੰਮੇਵਾਰੀ ਸੌਂਪ ਕੇ ਚਲਾਈ ਜਾ ਰਹੀ ਹੈ।
ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦਾ ਮਸਲਾ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਨੂੰ ਅਧਿਕਾਰਤ ਤੌਰ ’ਤੇ 21 ਸਤੰਬਰ, 1953 ਨੂੰ ਸ਼ਿਮਲਾ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ ਅਤੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਵੱਲੋਂ 7 ਅਕਤੂਬਰ, 1953 ਨੂੰ ਇਸ ਦਾ ਉਦਘਾਟਨ ਕੀਤਾ ਗਿਆ ਸੀ। 1966 ਵਿੱਚ ਸੂਬੇ ਦੀ ਵੰਡ ਸਮੇਂ ਪੰਜਾਬ ਪੁਨਰਗਠਨ ਐਕਟ, 1966 ਦੇ ਸੈਕਸ਼ਨ 4 ਦੇ ਉਪਬੰਧਾਂ ਤਹਿਤ ਚੰਡੀਗੜ੍ਹ ਸ਼ਹਿਰ ਨੂੰ 1 ਨਵੰਬਰ, 1966 ਤੋਂ ਕੇਂਦਰੀ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ ਅਤੇ ਹੁਣ ਤੱਕ ਇਹੀ ਸਥਿਤੀ ਬਰਕਰਾਰ ਹੈ, ਜੋ ਸੂਬੇ ਦੇ ਲੋਕਾਂ ਨਾਲ ਘੋਰ ਬੇਇਨਸਾਫ਼ੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)