Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ 9 ਨਵੰਬਰ ਨੂੰ ਰੱਖੇ ਗਏ ਜਨਰਲ ਇਜਲਾਸ ਦੀ ਤਰੀਕ ਅੱਗੇ ਪਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਇਸ ਸਬੰਧੀ ਪੱਤਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜਿਆ ਹੈ। 


ਪਤਾ ਲੱਗਾ ਹੈ ਕਿ ਇਸ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ 8 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਤੇ ਹੋਰ ਸੰਗਤ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਦਰਸ਼ਨ ਕਰਨ ਲਈ ਜਾ ਰਹੀ ਹੈ। ਇਸ ਦੌਰਾਨ 9 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਬਾਕੀ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ ਰੱਖਿਆ ਗਿਆ ਹੈ। 


ਇਸ ਪੱਤਰ ਰਾਹੀਂ ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਜਾਰੀ ਕਰਨ ਕਿ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਵਾਸਤੇ ਰੱਖੇ ਗਏ ਜਨਰਲ ਇਜਲਾਸ ਨੂੰ 10 ਦਿਨਾਂ ਵਾਸਤੇ ਅਗਾਂਹ ਪਾ ਦਿੱਤਾ ਜਾਵੇ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਇੱਕ ਹੋਰ ਮੈਂਬਰ ਵੱਲੋਂ ਵੀ ਇਹ ਜਨਰਲ ਇਜਲਾਸ ਅਗਾਂਹ ਪਾਉਣ ਦੀ ਅਪੀਲ ਕੀਤੀ ਗਈ ਹੈ। 


ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਉਨ੍ਹਾਂ ਵੱਲੋਂ ਪੱਤਰ ਅਗਾਂਹ ਸ਼੍ਰੋਮਣੀ ਕਮੇਟੀ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤੇ ਗਏ ਹਨ। ਇਸ ਸਬੰਧੀ ਕੋਈ ਵੀ ਅਗਲਾ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਲਿਆ ਜਾਵੇਗਾ। 


ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਸੁਝਾਅ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਜਨਰਲ ਇਜਲਾਸ ਵਿੱਛ ਹੰਗਾਮਾ ਹੋ ਸਕਦਾ ਹੈ। ਬੀਬੀ ਜਗੀਰ ਕੌਰ ਇਸ ਵਾਰ ਪ੍ਰਧਾਨਗੀ ਦੀ ਚੋਣ ਲੜਨ ਦੇ ਰੌਂਅ ਵਿੱਚ ਹਨ। ਜੇਕਰ ਉਨ੍ਹਾਂ ਨੂੰ ਉਮੀਦਵਾਰ ਨਾ ਬਣਾਇਆ ਗਿਆ ਤਾਂ ਉਹ ਖੁਦ ਖੜ੍ਹੇ ਹੋ ਸਕਦੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।