Amritsar News : ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਵੀ ਸਿੱਖਿਆ ਖੇਤਰ ਵਿੱਚ ਸੁਧਾਰ ਕਰਨ ਲਈ ਮੁਹਿੰਮ ਆਰੰਭ ਦਿੱਤੀ ਹੈ। ਸਿਸੋਦੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀਰਵਾਰ ਨੂੰ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਇੱਥੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਸਮੇਤ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੇ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ। 


ਸਿਸੋਦੀਆ ਤੇ ਬੈਂਸ ਵੀਰਵਾਰ ਸਵੇਰੇ ਸਕੂਲ ਖੁੱਲ੍ਹਦੇ ਸਾਰ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਪੁੱਜੇ। ਉਨ੍ਹਾਂ ਦਾ ਇਹ ਦੌਰਾ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵੀ ਉਨ੍ਹਾਂ ਦੇ ਨਾਲ ਸੀ। ਟੀਮ ਨੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਨਾਲ ਵੱਖਰੇ-ਵੱਖਰੇ ਤੌਰ ’ਤੇ ਗੱਲਬਾਤ ਕੀਤੀ ਤੇ ਉਨ੍ਹਾਂ ਕੋਲੋਂ ਸਕੂਲ ਪ੍ਰਬੰਧਨ ਤੇ ਸਿੱਖਿਆ ਦੀ ਬਿਹਤਰੀ ਬਾਰੇ ਸਵਾਲ ਪੁੱਛੇ। 




ਇਸ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਕਬੂਲਪੁਰਾ ਦਾ ਵੀ ਦੌਰਾ ਕੀਤਾ। ਹਰੇਕ ਸਕੂਲ ਵਿਚ ਸਿਖਿਆ ਵਿੱਚ ਸੁਧਾਰ ਲਿਆਉਣ ਸਬੰਧੀ ਗੱਲਬਾਤ ਕੀਤੀ ਗਈ। ਇਸ ਦੌਰਾਨ ਮਾਲ ਰੋਡ ਸਥਿਤ ਸਕੂਲ ਵਿੱਚ ਸਿਸੋਦੀਆ ਤੇ ਬੈਂਸ ਨੇ ਬੱਚਿਆਂ ਨਾਲ ਉਨ੍ਹਾਂ ਦੇ ਭਵਿੱਖ ਤੇ ਵਿਸ਼ਿਆਂ ਬਾਰੇ ਗੱਲਬਾਤ ਕੀਤੀ। 


ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਸਿੱਖਿਆ ਤੇ ਸਿਹਤ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਹੈ ਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਵੇਗਾ। ਇਸ ਲਈ ਸਿੱਖਿਆ ਵਾਲੇ ਪਾਸੇ ਧਿਆਨ ਦਿੱਤਾ ਜਾਵੇ।