(Source: ECI/ABP News/ABP Majha)
Amritsar News: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਨ 'ਤੇ ਸਿਰਫ ਇੱਕ ਚੈਨਲ ਦੀ ਟੁੱਟੇਗੀ ਇਜਾਰੇਦਾਰੀ, ਸ਼੍ਰੋਮਣੀ ਕਮੇਟੀ ਉਠਾ ਰਹੀ ਵੱਡਾ ਕਦਮ
ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਉੱਪਰ ਸਿਰਫ ਇੱਕ ਚੈਨਲ ਦੀ ਇਜਾਰੇਦਾਰੀ ਟੁੱਟੇਗੀ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਹੀਨੇ ਦੇ ਅਖੀਰਲੇ ਹਫਤੇ ਤੱਕ ਯੂਟਿਊਬ ਚੈਨਲ ਰਾਹੀਂ ਕੀਰਤਨ ਦਾ ਪ੍ਰਸਾਰਣ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ।
Amritsar News: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਉੱਪਰ ਸਿਰਫ ਇੱਕ ਚੈਨਲ ਦੀ ਇਜਾਰੇਦਾਰੀ ਟੁੱਟੇਗੀ। ਹੁਣ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਹੀਨੇ ਦੇ ਅਖੀਰਲੇ ਹਫਤੇ ਤੱਕ ਯੂਟਿਊਬ ਚੈਨਲ ਰਾਹੀਂ ਕੀਰਤਨ ਦਾ ਪ੍ਰਸਾਰਣ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਸਬ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਬਾਰੇ ਫੈਸਲਾ ਲਗਪਗ ਹੋ ਗਿਆ ਹੈ ਤੇ ਹੁਣ ਇਸ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਸਬ ਕਮੇਟੀ ਵੱਲੋਂ ਬੁੱਧਵਾਰ ਨੂੰ ਵੀ ਇੱਕ ਮੀਟਿੰਗ ਕੀਤੀ ਗਈ ਹੈ ਤੇ ਅੱਜ ਵੀ ਇੱਕ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਯੂਟਿਊਬ ਚੈਨਲ ਰਾਹੀਂ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨ ਤੇ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਬਾਰੇ ਵਿਚਾਰਾਂ ਕੀਤੀਆਂ ਗਈਆਂ। ਗੁਰਬਾਣੀ ਦੇ ਸਿੱਧੇ ਪ੍ਰਸਾਰਨ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਨਿੱਜੀ ਚੈਨਲ ਨਾਲ ਕੀਤਾ ਗਿਆ ਸਮਝੌਤਾ ਜੁਲਾਈ ਮਹੀਨੇ ਵਿੱਚ ਖ਼ਤਮ ਹੋ ਰਿਹਾ ਹੈ, ਜਿਸ ਮਗਰੋਂ ਹਾਲ ਦੀ ਘੜੀ ਸ਼੍ਰੋਮਣੀ ਕਮੇਟੀ ਯੂਟਿਊਬ ਚੈਨਲ ਰਾਹੀਂ ਇਹ ਸਿੱਧਾ ਪ੍ਰਸਾਰਨ ਜਾਰੀ ਰੱਖੇਗੀ।
ਇਸ ਤਜਰਬੇ ਨੂੰ ਆਧਾਰ ਬਣਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਯੋਜਨਾ ਘੜੀ ਜਾਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਮੀਡੀਆ ਸਾਹਮਣੇ ਸਪੱਸ਼ਟ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਬਾਰੇ ਵੀ ਵਿਚਾਰ ਕੀਤੀ ਜਾ ਰਹੀ ਹੈ।
ਹਾਸਲ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟਿਊਬ ਚੈਨਲ ਰਾਹੀਂ ਫਿਲਹਾਲ ਨਿੱਜੀ ਚੈਨਲ ਵਾਂਗ ਹੀ ਸਵੇਰੇ ਤੇ ਸ਼ਾਮ ਤੈਅ ਸਮੇਂ ’ਤੇ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਯੂਟੀਊਬ ਚੈਨਲ ’ਤੇ ਕਿਸੇ ਕਿਸਮ ਦਾ ਇਸ਼ਤਿਹਾਰ ਨਹੀਂ ਦਿਖਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਯੂਟੀਊਬ ਚੈਨਲ ਚਲਾਇਆ ਜਾ ਰਿਹਾ ਹੈ ਜਿਸ ਉੱਪਰ ਸਿੱਖ ਸੰਸਥਾ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਦਿਖਾਇਆ ਜਾ ਰਿਹਾ ਹੈ ਤੇ ਕਈ ਪ੍ਰੋਗਰਾਮਾਂ ਦਾ ਸਿੱਧਾ ਪ੍ਰਸਾਰਨ ਵੀ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦਾ ਇਹ ਤਜਰਬਾ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵਿੱਚ ਵੀ ਸਹਾਈ ਸਾਬਤ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।