Amritsar News: ਬੇਹਿਸਾਬੀ ਬਾਰਸ਼ ਨਾਲ ਬਣੀ ਹੜ੍ਹਾਂ ਵਾਲੀ ਸਥਿਤੀ ਦੇ ਚੱਲਦਿਆਂ ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਬਹੁਤ ਸਾਰੇ ਲੋਕ ਘਰੋਂ ਬੇਘਰ ਹੋ ਗਏ ਹਨ। ਇਸ ਔਖੀ ਘੜੀ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੇ ਪੁਰਖਿਆਂ ਦੇ ਪੁਰਾਤਨ ਇਤਿਹਾਸ ਨੂੰ ਦਹਿਰਾਉਂਦਿਆਂ ਹੜ੍ਹ ਪੀੜ੍ਹਤ ਲੋਕਾਂ ਦੀ ਸਹਾਇਤਾ ਕਰਨ ਦਾ ਫੈਸਲਾ ਲਿਆ ਹੈ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਆਪਣੇ ਨਿੱਜੀ ਖਜ਼ਾਨੇ ਤੇ ਬੁੱਢਾ ਦਲ ਦੇ ਪ੍ਰਬੰਧ ਅਧੀਨ ਪਟਿਆਲਾ, ਜ਼ੀਰਕਪੁਰ ਤੇ ਸਮਾਣਾ ਵਿਖੇ ਚੱਲ ਰਹੇ ਬੁੱਢਾ ਦਲ ਪਬਲਿਕ ਸਕੂਲਾਂ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਮੁਲਾਜ਼ਮਾਂ ਨੇ ਆਪਣੀ ਇੱਕ-ਇੱਕ ਦਨਿ ਦੀ ਤਨਖਾਹ ਦੇਣ ਤੇ ਵਿਦਿਆਰਥੀਆਂ ਨੇ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਪਣਾ ਬਣਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਹੈ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਹੜ੍ਹ ਪੀੜ੍ਹਤ ਖੇਤਰਾਂ ਜਿਥੇ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ, ਦੀ ਸਹਾਇਤਾ ਲਈ ਬੁੱਢਾ ਦਲ ਦੇ ਨਿਹੰਗ ਸਿੰਘ ਪਹੁੰਚ ਕਰਨਗੇ। ਜੋ ਲੋਕ ਇਸ ਹੜ੍ਹ ਦੀ ਮਾਰ ਹੇਠ ਆਏ ਹਨ, ਉਨ੍ਹਾਂ ਦੀ ਮਦਦ ਲਈ ਰਸੋਈ ਰਸਦਾਂ ਤੇ ਬਿਸਤਰੇ ਆਦਿ ਵਸਤਾਂ ਇਕੱਤਰ ਕੀਤੀਆਂ ਜਾ ਰਹੀਆਂ ਹਨ।
ਉਧਰ, ਜਥੇਬੰਦੀ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸਪੀ ਸਿੰਘ ਓਬਰਾਏ ਵੱਲੋਂ ਪੰਜਾਬ ਵਿੱਚ ਮੀਂਹ ਪੈਣ ਕਾਰਨ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨੂੰ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਆਖਿਆ ਹੈ ਤੇ ਨਾਲ ਹੀ ਪਟਿਆਲਾ ‘ਚ ਪ੍ਰਭਾਵਿਤ ਲੋਕਾਂ ਨੂੰ ਭੋਜਨ ਮੁਹੱਈਆ ਕਰਨਾ ਸ਼ੁਰੂ ਕਰ ਦਿੱਤਾ ਹੈ।
ਡਾ. ਓਬਰਾਏ ਨੇ ਦੱਸਿਆ ਕਿ ਦੋ ਦਨਿ ਪਹਿਲਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਸਮੁੱਚੀਆਂ ਜ਼ਿਲ੍ਹਾ ਇਕਾਈਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀਆਂ ਨਾਲ ਸੰਪਰਕ ਕਰਨ ਲਈ ਕਿਹਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।