Amritsar News : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਗਵੰਤ ਮਾਨ ਸਰਕਾਰ ਉੱਤੇ ਜੰਮ ਕੇ ਵਰ੍ਹੇ ਹਨ। ਉਨ੍ਹਾਂ ਨੇ ਸਰਕਾਰ ਉੱਪਰ ਗੰਭੀਰ ਇਲਜ਼ਾਮ ਲਾਏ ਹਨ। ਰਾਜਾ ਵੜਿੰਗ ਨੇ ਕਿਹਾ ਹੈ ਕਿ ‘ਆਪ’ ਸਰਕਾਰ ਵੱਲੋਂ ਪੰਚਾਇਤਾਂ, ਨਗਰ ਪੰਚਾਇਤਾਂ ਤੇ ਜ਼ਿਲ੍ਹਾ ਪਰਿਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਕੰਮ ਵਿੱਚ ਅੜਿੱਕੇ ਖੜ੍ਹੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਕੰਮ ਕਰਨ ਤੋਂ ਰੋਕਿਆ ਜਾ ਰਿਹਾ। 


ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਸੂਬੇ ਵਿੱਚ ਆਮ ਆਦਮੀ ਪਾਰਟੀ ਨੂੰ ਬਦਲਾਅ ਵਾਸਤੇ ਲੈ ਕੇ ਆਏ ਸਨ ਪਰ ਇਹ ਬਦਲਾਅ ਹੁਣ ਲੋਕਾਂ ਦੇ ਗਲ ਪੈਣ ਲੱਗ ਪਿਆ ਹੈ। 



ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਦੀਆਂ ਉਮੀਦਾਂ ’ਤੇ ਪੂਰੇ ਨਾ ਉਤਰਨ ਕਾਰਨ ਆਪਣਾ ਅਹੁਦਾ ਛੱਡ ਦੇਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਹਿਮਾਚਲ ਵਿੱਚ ਕਾਂਗਰਸ ਦੀ ਜਿੱਤ ਬਾਰੇ ਉਨ੍ਹਾਂ ਕਿਹਾ ਕਿ ਇਹ ਬਦਲਾਅ ਦਾ ਸੰਕੇਤ ਹੈ ਅਤੇ ਆਉਣ ਵਾਲੀਆਂ ਸੰਸਦੀ ਚੋਣਾਂ ਵਿੱਚ ਸਮੁੱਚੇ ਦੇਸ਼ ਵਿੱਚ ਬਦਲਾਅ ਆਵੇਗਾ ਅਤੇ ਕਾਂਗਰਸ ਮੁੜ ਸਤਾ ਵਿੱਚ ਹੋਵੇਗੀ।


ਰਾਜਾ ਵੜਿੰਗ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਨਵੇਂ ਬਣੇ ਪ੍ਰਧਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਕਾਰਜਭਾਰ ਸੰਭਾਲਣ ਮੌਕੇ ਰੱਖੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਇੱਥੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਵਿੱਚ ਲੋਕਾਂ ਨੂੰ ਰਾਹੁਲ ਗਾਂਧੀ ਵੱਲੋਂ ਆਰੰਭ ਕੀਤੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਹ ਯਾਤਰਾ ਜਨਵਰੀ ਮਹੀਨੇ ਵਿੱਚ ਪੰਜਾਬ ਵਿੱਚ ਪੁੱਜੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।