Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੇ ਘੁਟਾਲੇ ਵਿੱਚ ਸਖਤ ਐਕਸ਼ਨ ਲੈਣ ਦੇ ਰੌਂਅ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਸਵਾਲ ਖੜ੍ਹਾ ਕਰਨ ਮਗਰੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਬਾਣੀ ਦੇ ਪ੍ਰਸਾਰਣ ਕਰਕੇ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਹੈ। ਅਜਿਹੇ ਵਿੱਚ ਸ਼੍ਰੋਮਣੀ ਕਮੇਟੀ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੇ ਰੌਂਅ ਵਿੱਚ ਹੈ।
ਹਾਸਲ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਏ ਘਪਲੇ ਦੀ ਰਿਪੋਰਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕੈਂਪਸ ਵਿੱਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਰਿਹਾ। ਮਾਮਲੇ ਦੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਫਲਾਇੰਗ ਵਿਭਾਗ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੀ ਜਾ ਸਕਦੀ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਿਪੋਰਟ ਲਗਪਗ ਤਿਆਰ ਹੈ, ਪਰ ਇਸ ਵਿੱਚ ਕੁਝ ਤਰੁੱਟੀਆਂ ਹਨ ਜਿਨ੍ਹਾਂ ਨੂੰ ਦੂਰ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਮਿਲਣ ਤੋਂ ਬਾਅਦ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਹਾਸਲ ਜਾਣਕਾਰੀ ਮੁਤਾਬਕ ਰਿਪੋਰਟ ਨੂੰ ਲੈ ਕੇ ਸਬੰਧਤ ਵਿਭਾਗਾਂ ਦੇ ਕਰਮਚਾਰੀ ਚਿੰਤਾ ਵਿੱਚ ਦੱਸੇ ਗਏ ਹਨ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਹੁਣ ਤੱਕ ਦੋ ਸਟੋਰ ਕੀਪਰ ਮੁਅੱਤਲ ਕੀਤੇ ਗਏ ਹਨ। ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕਈ ਇੰਸਪੈਕਟਰਾਂ ਤੇ ਹੋਰ ਕਰਮਚਾਰੀਆਂ ਦੇ ਇਸ ਘੇਰੇ ਵਿੱਚ ਆਉਣ ਦੀ ਸੰਭਾਵਨਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਤਕ ਤੌਰ ’ਤੇ ਐਲਾਨ ਕਰ ਚੁੱਕੇ ਹਨ ਕਿ ਇਸ ਮਾਮਲੇ ਦੀ ਜਾਂਚ ਪਾਰਦਰਸ਼ਤਾ ਨਾਲ ਹੋਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਪ੍ਰਧਾਨ ’ਤੇ ਸਵਾਲੀਆ ਚਿੰਨ੍ਹ ਲਾਇਆ ਗਿਆ ਸੀ।
ਲੰਗਰ ਦੇ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਵਿੱਚ ਹੋਏ ਘਪਲੇ ਦਾ ਇਹ ਮਾਮਲਾ ਕਰੋਨਾ ਕਾਲ ਵੇਲੇ ਸਾਲ 2019 ਅਤੇ 2021 ਨਾਲ ਸਬੰਧਤ ਹੈ। ਸਬੰਧਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੰਗਰ ਦੇ ਸੁੱਕੇ ਪ੍ਰਸ਼ਾਦੇ ਵੇਚੇ ਗਏ ਹਨ ਪਰ ਇਸ ਦੀ ਰਕਮ ਵਸੂਲੀ ਤੇ ਦਫ਼ਤਰ ਵਿੱਚ ਰਕਮ ਜਮ੍ਹਾਂ ਕਰਵਾਉਣ ਬਾਰੇ ਕੋਈ ਜਾਣਕਾਰੀ ਨਹੀਂ। ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਸੁੱਕੇ ਪ੍ਰਸਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਈ ਹੇਰਾਫੇਰੀ ਦਾ ਘਪਲਾ ਲਗਪਗ 70 ਲੱਖ ਰੁਪਏ ਵੱਧ ਦਾ ਹੈ।