Amritsar: 20 ਦਸੰਬਰ ਨੂੰ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਦਾ ਫੈਸਲਾ ਵਾਪਸ , SGPC ਕਾਰਜਕਾਰਨੀ ਨੇ ਲਿਆ ਫੈਸਲਾ
Amritsar News: ਇਹ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਜਾਣਾ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਅਹਿਮ ਫੈਸਲਾ ਲੈਂਦਿਆਂ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੱਢੇ ਜਾਣ ਵਾਲੇ ਅਰਥੀ ਫੂਕ ਮਾਰਚ ਨੂੰ ਵਾਪਸ ਲੈ ਲਿਆ ਹੈ। ਇਹ ਐਲਾਨ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਇਹ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਜਾਣਾ ਸੀ। ਧਾਮੀ ਨੇ ਦੱਸਿਆ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਪੱਤਰ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਇਸ ਤੋਂ ਇਲਾਵਾ ਧਾਮੀ ਨੇ ਤਖ਼ਤ ਹਜ਼ੂਰ ਸਾਹਿਬ ਵਿਖੇ ਸਿੱਖ ਭਾਈਚਾਰੇ ਵਿਚ ਵਿਆਹਾਂ ਸਬੰਧੀ ਲਏ ਗਏ ਫੈਸਲਿਆਂ ਦਾ ਵੀ ਸਵਾਗਤ ਕੀਤਾ ਹੈ। ਧਾਮੀ ਨੇ ਸਮੂਹ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ 1 ਜਨਵਰੀ ਤੱਕ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਕੋਈ ਵੀ ਮਿੱਠਾ ਪਕਵਾਨ ਨਾ ਤਿਆਰ ਕੀਤਾ ਜਾਵੇ ਅਤੇ ਨਾ ਹੀ ਕਿਸੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇ। ਨਗਰ ਕੀਰਤਨ ਦੀ ਅਗਵਾਈ ਕਰਨ ਵਾਲੇ ਪੰਜ ਪਿਆਰਿਆਂ ਨੂੰ ਹੀ ਸਿਰੋਪਾਓ ਜਾਵੇ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਸੀ ਕਿ ਅਸੀਂ ਕਿਸੇ ਨਾਲ ਟਕਰਾਅ ਨਹੀਂ ਚਾਹੁੰਦੇ, ਅਸੀਂ ਸਿਰਫ਼ ਇਨਸਾਫ਼ ਮੰਗਦੇ ਹਾਂ ਉਹ ਵੀ ਕਾਨੂੰਨ ਦੇ ਦਾਅਰੇ ਵਿੱਚ ਰਹਿ ਕੇ ਮੰਗ ਰਹੇ ਹਾਂ, ਇਹ ਮਸਲਾ ਸਰਕਾਰਾਂ ਦਾ ਹੈ ਹੁਣ ਅੱਜ ਇਹ ਫੈਸਲਾ ਕੀਤਾ ਗਿਆ ਹੈ ਕਿ ਗੱਲਬਾਤ ਰਾਹੀਂ ਇਹ ਮਸਲਾ ਹੱਲ ਕਰੀਏ। ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਲਿਖੀ ਜਾਵੇਗੀ ਤੇ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਸਮਾਂ ਲਿਆ ਜਾਵੇਗਾ। ਇਸ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਗੁਰਦੀਪ ਸਿੰਘ ਖਹਿੜਾ ਤੇ ਭੁੱਲਰ ਦੀ ਰਿਹਾਈ ਲੈ ਕੇ ਗੱਲਬਾਤ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਕਾਫੀ ਸਮਾਂ ਜੇਲ ਵਿੱਚ ਬਤੀਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਭਾਈ ਬਲਵੰਤ ਸਿੰਘ ਰਾਜੋਆਣਾ ਹਮੇਸ਼ਾ ਹੀ ਸਰਬਤ ਦੇ ਭਲੇ ਲਈ ਤੇ ਸਿੱਖੀ ਸਿਧਾਂਤਾਂ ਦੇ ਅਨੁਕੂਲ ਹੈ