Bandi Singh: ਬੰਦੀ ਸਿੰਘਾਂ ਦੀ ਰਿਹਾਈ ਲਈ ਐਕਸ਼ਨ ਮੋਡ 'ਚ ਸ਼੍ਰੋਮਣੀ ਕਮੇਟੀ, ਰਾਜਪਾਲ ਨਾਲ ਮੁਲਾਕਾਤ, ਗ੍ਰਹਿ ਮੰਤਰੀ ਨਾਲ ਵੀ ਹੋਏਗੀ ਮੀਟਿੰਗ
SGPC: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੁੜ ਸਰਗਮ ਹੋ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਇਸ ਸਬੰਧੀ ਆਦੇਸ਼ ਦਿੱਤਾ ਹੈ।
Amritsar News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੁੜ ਸਰਗਮ ਹੋ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ ਇਸ ਸਬੰਧੀ ਆਦੇਸ਼ ਦਿੱਤਾ ਹੈ। ਇਹ ਹਿੱਲਜੁਲ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਅਲਟੀਮੇਟਮ ਮਗਰੋਂ ਸ਼ੁਰੂ ਹੋਈ ਹੈ। ਇਸ ਲੀ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ ਅੱਜ 16 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਰਤ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਲੈਣ ਲਈ ਵੀ ਯਤਨ ਆਰੰਭੇ ਗਏ ਹਨ ਤੇ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਗ੍ਰਹਿ ਮੰਤਰਾਲੇ ਕੋਲ ਭੇਜਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਵੀ ਜੇਲ੍ਹ ਵਿੱਚ ਮੁਲਾਕਾਤ ਕਰੇਗਾ। ਇਸ ਲਈ ਪੰਜਾਬ ਦੇ ਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖ ਕੇ ਕਾਰਵਾਈ ਆਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਸਮੂਹ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਵੀ ਜਲਦ ਸੱਦੀ ਜਾਵੇਗੀ। ਉਨ੍ਹਾਂ ਦਿੱਲੀ ਕਮੇਟੀ ਤੇ ਸਮੁੱਚੇ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਤੇ ਇੱਕਜੁਟਤਾ ਦਿਖਾਉਣ ਤੇ ਇਸ ਲਈ ਕੁਝ ਵੀ ਕਹਿਣ ਤੋਂ ਪਹਿਲਾਂ ਮਾਮਲੇ ਦੀ ਗੰਭੀਰਤਾ ਨੂੰ ਜ਼ਰੂਰ ਵਿਚਾਰਿਆ ਜਾਵੇ।
ਦੱਸ ਦਈਏ ਕਿ ਰਾਜੋਆਣਾ ਵੱਲੋਂ ਕਿਹਾ ਗਿਆ ਹੈ ਕਿ ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਬਾਰੇ ਦਿੱਤੀ ਗਈ ਪਟੀਸ਼ਨ ਵਾਪਸ ਲੈ ਲਈ ਜਾਵੇ। ਉਸ ਨੇ ਜੇਲ੍ਹ ਵਿੱਚ ਮਰਨ ਵਰਤ ਦੀ ਵੀ ਚਿਤਾਵਨੀ ਦਿੱਤੀ ਹੈ। ਰਾਜੋਆਣਾ ਨੇ ਸ਼੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਦਿਨ ਦਾ ਅਲਟੀਮੇਟਮ ਦਿੱਤਾ ਹੈ। ਰਾਜੋਆਣਾ ਨੇ ਆਪਣੀ ਭੈਣ ਕਮਲਦੀਪ ਕੌਰ ਦੇ ਜ਼ਰੀਏ ਸੁਨੇਹਾ ਭੇਜਿਆ ਹੈ ਕਿ ਜੇਕਰ 20 ਦਿਨਾਂ ਦੇ ਅੰਦਰ ਕੋਈ ਹੱਲ ਨਹੀਂ ਨਿਕਲ ਦਾ ਹੈ ਤਾਂ ਉਹ ਭੁੱਖ ਹੜ੍ਹਤਾਲ ‘ਤੇ ਬੈਠ ਜਾਣਗੇ । ਇਸ ਦੀ ਜਾਣਕਾਰੀ ਕਮਲਦੀਪ ਕੌਰ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਦਿੱਤੀ ਹੈ।