Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਮੰਗਲਵਾਰ) ਅੰਮ੍ਰਿਤਸਰ ਪਹੁੰਚੇ ਹਨ। ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਧਮਕੀ ਭਰੇ ਈਮੇਲ ਆਏ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਧਿਆਨ ਦੇਣ ਯੋਗ ਹੈ ਕਿ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਨਾ ਆਉਣ 'ਤੇ ਸਵਾਲ ਚੁੱਕੇ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਦੇ ਮੁਖਾਬਤ ਹੁੰਦਿਆਂ ਕਿਹਾ ਕਿ ਮਿਲ ਰਹੀਆਂ ਧਮਕੀਆਂ ਦੀ ਅਸੀਂ ਵੱਡੇ ਪੱਧਰ ਉੱਤੇ ਜਾਂਚ ਕਰ ਰਹੇ ਹਾਂ, ਅਸੀਂ ਸੁਰੱਖਿਆ ਸਬੰਧੀ ਕੁਤਾਹੀ ਨਹੀਂ ਕਰ ਸਕਦੇ। ਅਸੀਂ ਕਾਫੀ ਹੱਦ ਤੱਕ ਨੇੜੇ ਪਹੁੰਚ ਚੁੱਕੇ ਹਾਂ, ਇਸ ਤੋਂ ਵੱਧ ਇਸ ਹੋਰ ਮਾਮਲੇ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਪਹਿਲਾਂ ਵੀ ਅੰਦਰ ਤੇ ਬਾਹਰ ਸਿਵਲ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਤੈਨਾਤ ਹਨ, ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਵੀ ਵਧਾਈ ਜਾਵੇਗੀ ਪਰ ਕਿਸੇ ਵੀ ਸ਼ਰਧਾਲੂ ਨੂੰ ਤੰਗ ਨਹੀਂ ਹੋਣ ਦਿੱਤਾ ਜਾਵੇਗਾ, ਇਸ ਨੂੰ ਲੈ ਕੇ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮਾਨ ਨੇ ਕਿਹਾ ਕਿ ਅਸੀਂ ਛੇਤੀ ਹੀ ਮੁੱਖ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ। 

ਜ਼ਿਕਰ ਕਰ ਦਈਏ ਕਿ 14 ਜੁਲਾਈ ਨੂੰ ਧਮਕੀਆਂ ਮਿਲਣ ਤੋਂ ਬਾਅਦ, ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਇਸ ਦੌਰਾਨ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾ ਆਉਣ 'ਤੇ ਸਵਾਲ ਉਠਾਏ ਸਨ। ਭਾਜਪਾ ਦੇ ਸਹਿ-ਇੰਚਾਰਜ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਗੁਰੂ ਘਰ ਵਿਖੇ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਉਨ੍ਹਾਂ ਕਿਹਾ ਕਿ ਸਰਕਾਰ 3 ਦਿਨਾਂ ਬਾਅਦ ਜਾਗੀ ਅਤੇ ਫਿਰ ਕਾਰਵਾਈ ਦੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਡੂੰਘੀ ਲਾਪਰਵਾਹੀ ਅਤੇ ਬੇਹੋਸ਼ੀ ਦੀ ਹਾਲਤ ਵਿੱਚ ਹੈ। ਇੰਨਾ ਹੀ ਨਹੀਂ, ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਨਾ ਆਉਣ 'ਤੇ ਸਰਕਾਰ ਨੂੰ ਘੇਰਿਆ।