Amritsar News: ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਭੇਜ ਕੇ ਜਥੇਦਾਰਾਂ ਦੀ ਆਪਸੀ ਏਕਤਾ ਦਾ ਸੱਦਾ ਦਿੱਤਾ ਹੈ। ਇਹ ਪੱਤਰ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖੁਦ ਵੀ ਕਈ ਵਾਰ ਪੰਥਕ ਏਕਤਾ ਦਾ ਸੱਦਾ ਦੇ ਚੁੱਕੇ ਹਨ।



ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁਤਵਾਜ਼ੀ ਜਥੇਦਾਰ ਸ੍ਰੀ ਮੰਡ ਨੇ ਆਖਿਆ ਕਿ ਦਿਨੋ ਦਿਨ ਪੰਥ ਦੀ ਹਾਲਤ ਨਿਘਰਦੀ ਜਾ ਰਹੀ ਹੈ। ਇਸ ਵੇਲੇ ਹਰ ਮੰਚ ਤੋਂ ਪੰਥਕ ਏਕਤਾ ਦਾ ਹੋਕਾ ਦਿੱਤਾ ਜਾ ਰਿਹਾ ਹੈ ਪਰ ਸਿੱਖ ਬੁੱਧੀਜੀਵੀ ਵਰਗ ਤੇ ਸਿੱਖ ਚਿੰਤਕ ਇਹ ਸਵਾਲ ਖੜ੍ਹਾ ਕਰ ਰਹੇ ਹਨ ਕਿ ਪਹਿਲਾਂ ਜਥੇਦਾਰਾਂ ਵਿਚਾਲੇ ਖ਼ੁਦ ਏਕਤਾ ਹੋਣੀ ਚਾਹੀਦੀ ਹੈ ਤਾਂ ਹੀ ਕੌਮ ਵਿੱਚ ਵੀ ਏਕਤਾ ਦਾ ਮੁੱਢ ਬੱਝ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਲੰਮੇ ਸਮੇਂ ਤੋਂ ਖੁਆਰ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਆਈ ਗਿਰਾਵਟ ਦਾ ਪ੍ਰਭਾਵ ਸ਼੍ਰੋਮਣੀ ਕਮੇਟੀ ਸਮੇਤ ਹੋਰ ਪੰਥਕ ਸੰਸਥਾਵਾਂ ’ਤੇ ਦੇਖਿਆ ਜਾ ਸਕਦਾ ਹੈ। ਇਸੇ ਤਹਿਤ ਹੀ ਉਨ੍ਹਾਂ ਆਪਸ ਵਿੱਚ ਮਿਲ ਬੈਠਣ ਦਾ ਸੱਦਾ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਕੌਮ ਲਈ ਇੱਕ ਕੌਮੀ ਏਜੰਡਾ ਤਿਆਰ ਕਰਨ ਦੀ ਲੋੜ ਹੈ।

ਇਸ ਤੋਂ ਪਹਿਲਾਂ ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਖਾਸ ਸੰਦੇਸ਼ ਜਾਰੀ ਕਰਦਿਆਂ ਆਖਿਆ ਸੀ ਕਿ ਸਾਕਾ ਨੀਲਾ ਤਾਰਾ ਤੇ ਹੋਰ ਹਮਲਿਆਂ ਦਾ ਨਿਆਂ ਹੁਕਮਰਾਨਾਂ ਕੋਲੋਂ ਮੰਗਣ ਦੀ ਲੋੜ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਦੀ ਅਗਵਾਈ ਹੇਠ ਸਮੁੱਚੀ ਸਿੱਖ ਸ਼ਕਤੀ ਇਕਜੁੱਟ ਹੋਵੇ, ਜਿਸ ਅੱਗੇ ਸਰਕਾਰਾਂ ਖੁਦ ਝੁਕਣ ਵਾਸਤੇ ਮਜਬੂਰ ਹੋਣਗੀਆਂ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕਿਹਾ ਸੀ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਹ ਘੱਲੂਘਾਰਾ ਸਿੱਖਾਂ ਦੇ ਦਿਲ ’ਤੇ ਲੱਗੇ ਗਹਿਰੇ ਜ਼ਖ਼ਮ ਹਨ। ਉਨ੍ਹਾਂ ਸਮੇਂ ਦੀਆਂ ਸਰਕਾਰਾਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ, ਬਲਕਿ ਇਸ ਨੂੰ ਯਾਦ ਕਰ ਕੇ ਕੌਮ ਹੋਰ ਮਜ਼ਬੂਤ ਹੁੰਦੀ ਹੈ।