Amritsar News: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵੱਲੋਂ ਬੀਬੀ ਜਗੀਰ ਕੌਰ ਦੀ ਅਪੀਲ ਰੱਦ, ਹੁਣ 9 ਨਵੰਬਰ ਨੂੰ ਹੀ ਹੋਏਗਾ ਜਨਰਲ ਇਜਲਾਸ
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਇਹ ਜਨਰਲ ਇਜਲਾਸ ਪਹਿਲਾਂ ਐਲਾਨੀ ਗਈ ਮਿਤੀ ਮੁਤਾਬਕ 9 ਨਵੰਬਰ ਨੂੰ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਜਨਰਲ ਹਾਊਸ ਸਿੱਖ ਗੁਰਦੁਆਰਾ ਐਕਟ ਮੁਤਾਬਕ 21 ਦਿਨਾਂ ਦੇ ਵਕਫ਼ੇ ਬਾਅਦ ਸੱਦਿਆ ਗਿਆ ਹੈ।
Amritsar News: ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਵੱਲੋਂ ਅਹੁਦੇਦਾਰਾਂ ਦੀ ਚੋਣ ਵਾਸਤੇ ਸੱਦੇ ਗਏ ਜਨਰਲ ਇਜਲਾਸ ਨੂੰ 9 ਨਵੰਬਰ ਦੀ ਥਾਂ ਅਗਾਂਹ ਪਾਉਣ ਦੀ ਕੀਤੀ ਗਈ ਅਪੀਲ ਨੂੰ ਸ਼੍ਰੋਮਣੀ ਕਮੇਟੀ ਨੇ ਰੱਦ ਕਰ ਦਿੱਤਾ ਹੈ। ਪ੍ਰਧਾਨ, ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਵਾਸਤੇ ਹੋਣ ਵਾਲਾ ਜਨਰਲ ਇਜਲਾਸ 9 ਨਵੰਬਰ ਨੂੰ ਹੀ ਹੋਵੇਗਾ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਇਹ ਜਨਰਲ ਇਜਲਾਸ ਪਹਿਲਾਂ ਐਲਾਨੀ ਗਈ ਮਿਤੀ ਮੁਤਾਬਕ 9 ਨਵੰਬਰ ਨੂੰ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਜਨਰਲ ਹਾਊਸ ਸਿੱਖ ਗੁਰਦੁਆਰਾ ਐਕਟ ਮੁਤਾਬਕ 21 ਦਿਨਾਂ ਦੇ ਵਕਫ਼ੇ ਬਾਅਦ ਸੱਦਿਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਸੂਚਨਾ ਵੀ ਭੇਜ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਨਰਲ ਇਜਲਾਸ ਦੀ ਮਿਤੀ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿੱਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਿਹੜੇ ਮੈਂਬਰ ਵਿਦੇਸ਼ ਵਿੱਚ ਹਨ, ਉਨ੍ਹਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਾਰੇ ਮੈਂਬਰਾਂ ਨੇ ਜਨਰਲ ਹਾਊਸ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।
ਦੱਸ ਦਈਏ ਕਿ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਸੀ ਕਿ ਅਹੁਦੇਦਾਰਾਂ ਦੀ ਚੋਣ ਲਈ ਰੱਖਿਆ ਗਿਆ ਜਨਰਲ ਇਜਲਾਸ ਕੁਝ ਦਿਨਾਂ ਲਈ ਅਗਾਂਹ ਪਾ ਦਿੱਤਾ ਜਾਵੇ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਰਕੇ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਗੁਰਪੁਰਬ ਨੂੰ ਮਨਾਉਣ ਲਈ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਜਾ ਰਹੇ ਹਨ। ਕੁਝ ਮੈਂਬਰ ਪਹਿਲਾਂ ਹੀ ਵਿਦੇਸ਼ਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਸੀ ਕਿ ਅਹੁਦੇਦਾਰਾਂ ਦੀ ਚੋਣ ਲਈ ਹੋਣ ਵਾਲਾ ਇਹ ਜਨਰਲ ਇਜਲਾਸ 9 ਨਵੰਬਰ ਦੀ ਥਾਂ ਕੁਝ ਦਿਨ ਅਗਾਂਹ ਕਰ ਦਿੱਤਾ ਜਾਵੇ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।