Mohalla Clinics in Punjab: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਦੀ  ਸਰਕਾਰੀ ਅੰਕੜਿਆਂ ਵਿੱਚ ਦਰਸਾਈ ਗਈ ਗਿਣਤੀ ’ਤੇ ਸਵਾਲ ਚੁਕਦੀਆਂ ਕਿਹਾ ਕਿ ਪੂਰੇ ਸੂਬੇ ਵਿੱਚ ਆਮ ਆਦਮੀ ਦੇ ਕਲੀਨਿਕਾਂ ਦਾ ਢਾਂਚਾ ਢਹਿ ਢੇਰੀ ਹੋ ਗਿਆ ਹੈ ਅਤੇ ਇਹ ਪੂਰੀ ਤਰਾਂ ਅਸਫ਼ਲ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ 'ਇਹ ਭਗਵੰਤ ਮਾਨ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਇੱਕ ਰੈਕੇਟ ਹੈ ਜਿਸ ਦੀ ਜਾਂਚ ਦੀ ਲੋੜ ਹੈ।


ਤਰੁਣ ਚੁੱਘ ਨੇ ਦੋਸ਼ ਲਾਇਆ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੇ ਫਰਜ਼ੀ ਪੈਥੋਲੋਜੀ ਅਤੇ ਰੇਡੀਓਲੌਜੀਕਲ ਟੈਸਟ ਕਰਵਾਏ ਜਾ ਰਹੇ ਹਨ। ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਡਾਕਟਰੀ ਸੇਵਾਵਾਂ ਦਾ ਮੁਖੌਟਾ ਬਣਾਇਆ ਗਿਆ ਹੈ।"


 ਉਨ੍ਹਾਂ ਪੰਜਾਬ ਦੀ 'ਆਪ' ਸਰਕਾਰ ਦੀ ਸਿਹਤ ਸਹੂਲਤਾਂ ਦੇ ਮੁੱਦੇ 'ਤੇ ਪੂਰੇ ਸੂਬੇ ਨੂੰ ਗੁੰਮਰਾਹ ਕਰਨ ਲਈ ਸਖ਼ਤ ਨਿਖੇਧੀ ਕੀਤੀ ।ਚੁੱਘ ਨੇ ਕਿਹਾ ਕਿ ਪੰਜਾਬ ਵਿਚ ਸਿਹਤ ਸਹੂਲਤਾਂ ਦੀ ਬਹੁਤ ਜਰੂਰਤ ਹੈ ਕਿਉਂਕਿ ਪੰਜਾਬ ਵਿੱਚ ਨਸ਼ਾ ਸਮੱਗਲਰਾਂ ਦੇ ਹੌਸਲੇ ਬੁਲੰਦ ਹੋਣ ਕਾਰਨ ਨਸ਼ੇ ਦੀ ਸਮੱਸਿਆ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਅਤੇ ਲੋਕ ਹੋਰ ਬਹੁਤ ਤਰਾਂ ਦੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਤੋਂ  ਪਰੇਸ਼ਾਨ ਹਨ।


ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਨੂੰ ਲੈ ਕੇ ਲੋਕਾਂ ਸਾਹਮਣੇ ਗੁੰਮਰਾਹਕੁੰਨ ਅੰਕੜੇ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਇਸ ਦੇ ਕੰਮਕਾਜ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ, ਪਰ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸ ਕਰੂਰ ਮਜ਼ਾਕ ਤੋਂ ਸੁਚੇਤ ਹੋਣਾ ਚਾਹੀਦਾ ਹੈ ਜੋ ਕਿ ਭਗਵੰਤ ਮਾਨ ਸਰਕਾਰ ਵਲੋਂ ਸਿਹਤ ਸੇਵਾਵਾਂ ਦੇਣ ਦੇ ਨਾਂ 'ਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਜਾ ਰਿਹਾ ਹੈ।ਉਹਨਾ ਕਿਹਾ ਕਿ ਭਗਵੰਤ ਮਾਨ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ।ਪੰਜਾਬੀ ਇਸ ਸਰਕਾਰ ਤੋਂ ਬਹੁਤ ਦੁਖੀ ਹਨ ।


 


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial